Friday, October 30, 2026
Home Patiala Updates ਖੋਆ, ਪਨੀਰ ਤੇ ਹੋਰ ਡੇਅਰੀ ਉਤਪਾਦਾਂ ਦੀ ਖਰੀਦ ਸਮੇਂ ਸਾਵਧਾਨੀ ਵਰਤਣ ਅਤੇ...

ਖੋਆ, ਪਨੀਰ ਤੇ ਹੋਰ ਡੇਅਰੀ ਉਤਪਾਦਾਂ ਦੀ ਖਰੀਦ ਸਮੇਂ ਸਾਵਧਾਨੀ ਵਰਤਣ ਅਤੇ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਦੀ ਹਦਾਇਤ

0
1

ਨਾਭਾ, 29 ਅਕਤੂਬਰ:
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਐਸ.ਡੀ.ਐਮ. ਨਾਭਾ ਏ.ਪੀ.ਐਸ. ਸੋਮਲ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਨਾਭਾ ਦੇ ਮਠਿਆਈ ਵਿਕਰੇਤਾਵਾਂ, ਡੇਅਰੀ ਉਤਪਾਦ ਵਿਕਰੇਤਾਵਾਂ ਅਤੇ ਡੇਅਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਖੁਰਾਕੀ ਪਦਾਰਥਾਂ ਦੀ ਗੁਣਵੱਤਾ, ਸੁਰੱਖਿਆ ਅਤੇ ਸਾਫ਼-ਸਫ਼ਾਈ ਸਬੰਧੀ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।

ਮੀਟਿੰਗ ਵਿੱਚ ਫੂਡ ਸੇਫਟੀ ਅਫ਼ਸਰ ਜਸਵਿੰਦਰ ਸਿੰਘ ਅਤੇ ਗੌਰਵ ਕੁਮਾਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਖੁਰਾਕੀ ਕਾਰੋਬਾਰੀਆਂ ਨੂੰ ਖੁਰਾਕੀ ਪਦਾਰਥਾਂ ਦੀ ਖਰੀਦ ਅਤੇ ਵਿਕਰੀ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਗਈ। ਖ਼ਾਸ ਤੌਰ ’ਤੇ ਮਠਿਆਈਆਂ ਬਣਾਉਣ ਲਈ ਵਰਤੇ ਜਾਂਦੇ ਖੋਏ ਅਤੇ ਪਨੀਰ ਦੀ ਖਰੀਦ ਸਮੇਂ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਖੋਆ, ਪਨੀਰ ਅਤੇ ਹੋਰ ਡੇਅਰੀ ਉਤਪਾਦਾਂ ਦੀ ਖਰੀਦ ਅਣ-ਭਰੋਸੇਯੋਗ ਜਾਂ ਗੈਰ-ਪ੍ਰਮਾਣਿਤ ਸਰੋਤਾਂ ਤੋਂ ਨਾ ਕਰਨ ਅਤੇ ਮਠਿਆਈਆਂ ਬਣਾਉਣ ਲਈ ਵਰਤੀ ਜਾਂਦੀ ਸਮੱਗਰੀ ਦੀ ਗੁਣਵੱਤਾ ਤੇ ਸੁਰੱਖਿਆ ਯਕੀਨੀ ਬਣਾਉਣ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਖੁਰਾਕੀ ਕਾਰੋਬਾਰੀਆਂ ਨੂੰ ਖਰੀਦ ਸਬੰਧੀ ਰਿਕਾਰਡ, ਬਿੱਲ, ਇਨਵੌਇਸ ਅਤੇ ਸਪਲਾਇਰਾਂ ਦੇ ਵੇਰਵੇ ਸਹੀ ਢੰਗ ਨਾਲ ਸੰਭਾਲ ਕੇ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਦੂਜੇ ਰਾਜਾਂ ਤੋਂ ਮੰਗਵਾਏ ਜਾਂਦੇ ਖੋਏ, ਪਨੀਰ ਅਤੇ ਹੋਰ ਡੇਅਰੀ ਉਤਪਾਦਾਂ ਦੇ ਸਰੋਤ ਦੀ ਪੁਸ਼ਟੀ ਕਰਨ ਅਤੇ ਉਨ੍ਹਾਂ ਦੀ ਸਪਲਾਈ ਸਬੰਧੀ ਪੂਰਾ ਰਿਕਾਰਡ ਰੱਖਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੁਰਾਕ ਸੁਰੱਖਿਆ ਅਤੇ ਮਿਆਰ ਐਕਟ, 2006 ਅਤੇ ਇਸ ਤਹਿਤ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।

ਉਨ੍ਹਾਂ ਖੁਰਾਕੀ ਕਾਰੋਬਾਰੀਆਂ ਨੂੰ ਆਪਣੇ ਅਦਾਰਿਆਂ ਵਿੱਚ ਸਾਫ਼-ਸਫ਼ਾਈ ਅਤੇ ਸਵੱਛ ਵਾਤਾਵਰਣ ਬਣਾਈ ਰੱਖਣ, ਖੁਰਾਕੀ ਪਦਾਰਥਾਂ ਦੀ ਤਿਆਰੀ ਅਤੇ ਸਾਂਭ-ਸੰਭਾਲ ਦੌਰਾਨ ਸਿਹਤ ਸਬੰਧੀ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕੀ ਪਦਾਰਥ ਹੀ ਵੇਚਣ ਦੇ ਨਿਰਦੇਸ਼ ਵੀ ਦਿੱਤੇ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਜਾਂਚ ਅਤੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਖੁਰਾਕ ਸੁਰੱਖਿਆ ਦੇ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਵੱਲੋਂ ਸਮੂਹ ਮਠਿਆਈ ਵਿਕਰੇਤਾਵਾਂ ਅਤੇ ਡੇਅਰੀ ਉਤਪਾਦ ਵਿਕਰੇਤਾਵਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੇ ਤੇ ਮਿਆਰੀ ਖੁਰਾਕੀ ਪਦਾਰਥ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਗਈ।

LEAVE A REPLY

Please enter your comment!
Please enter your name here