ਜੰਮੂ: ਜੰਮੂ ਸ਼ਹਿਰ ਵਿੱਚ ਬੀਤੀ ਰਾਤ ਸ਼ਕੁੰਤਲਾ ਫਲਾਈਓਵਰ ’ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਮੈਟਾਡੋਰ (ਮਿੰਨੀ ਬੱਸ) ਪਲਟ ਗਈ। ਹਾਦਸੇ ਵਿੱਚ 29 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਵਿਦਿਆਰਥੀ ਤਿਰੰਗਾ ਰੈਲੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਿੰਨੀ ਬੱਸ ਰਾਹੀਂ ਬਾਗ-ਏ-ਬਾਹੂ ਤੋਂ ਮੁਬਾਰਕ ਮੰਡੀ ਵਾਪਸ ਆ ਰਹੇ ਸਨ। ਇਸ ਦੌਰਾਨ ਸ਼ਕੁੰਤਲਾ ਫਲਾਈਓਵਰ ’ਤੇ ਮੈਟਾਡੋਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।
ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਜੀਐਮਸੀ ਜੰਮੂ ਅਤੇ ਹੋਰ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜੀਐਮਸੀ ਜੰਮੂ ਦੇ ਮੈਡੀਕਲ ਸੁਪਰਡੈਂਟ ਡਾ. ਵੀਰੇਂਦਰ ਤ੍ਰਿਸਾਲ ਨੇ ਦੱਸਿਆ ਕਿ ਹਾਦਸੇ ਵਿੱਚ 29 ਵਿਦਿਆਰਥੀ ਜ਼ਖਮੀ ਹੋਏ ਹਨ। ਉਨ੍ਹਾਂ ਮੁਤਾਬਕ ਜ਼ਿਆਦਾਤਰ ਵਿਦਿਆਰਥੀ ਖ਼ਤਰੇ ਤੋਂ ਬਾਹਰ ਹਨ, ਹਾਲਾਂਕਿ ਕੁਝ ਨੂੰ ਫ੍ਰੈਕਚਰ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜੀਐਮਸੀ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ 29 ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ, ਜਦਕਿ 26 ਦੀ ਹਾਲਤ ਸਥਿਰ ਦੱਸੀ ਗਈ ਹੈ।
ਹਾਦਸੇ ਦੀ ਜਾਣਕਾਰੀ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਵੀ ਮਿਲੀ। ਉਨ੍ਹਾਂ ਨੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀ ਵਿਦਿਆਰਥੀਆਂ ਨੂੰ ਹਰ ਲੋੜੀਂਦੀ ਡਾਕਟਰੀ ਸਹਾਇਤਾ ਅਤੇ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।






