ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਬਠਿੰਡਾ 37 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
ਮੌਸਮ ਵਿਭਾਗ ਮੁਤਾਬਕ 29 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 30 ਜੁਲਾਈ ਤੋਂ 3 ਅਗਸਤ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੇ ਆਸਾਰ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਹੋਰ ਰਾਹਤ ਮਿਲ ਸਕਦੀ ਹੈ।
ਵਿਭਾਗ ਅਨੁਸਾਰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ, ਜਦਕਿ ਔਸਤ ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਕ੍ਰਮਵਾਰ 4.2 ਅਤੇ 2.2 ਡਿਗਰੀ ਘੱਟ ਹੈ।
ਪਿਛਲੇ 24 ਘੰਟਿਆਂ ਦੌਰਾਨ ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 81.5 ਮਿਲੀਮੀਟਰ ਅਤੇ ਪਠਾਨਕੋਟ ਦੇ ਥੀਨ ਡੈਮ ਵਿੱਚ 77.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਹਵਾਈ ਅੱਡੇ ‘ਤੇ 2.0 ਮਿਲੀਮੀਟਰ ਅਤੇ ਸ਼ਹਿਰ ਵਿੱਚ 1.7 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।






