ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਹੌਲੀ ਹੋ ਗਈ ਹੈ। ਦਿਨ ਦੇ ਸਮੇਂ ਗਰਮੀ ਦੇ ਨਾਲ ਨਮੀ ਵੀ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ 11 ਸਤੰਬਰ ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੋਪੜ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਹਾਲਾਂਕਿ, 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਮੌਸਮ ਮੁੜ ਸਰਗਰਮ ਹੋ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਪੰਜਾਬ ਦੇ ਦੋ ਸਥਾਨਾਂ ‘ਤੇ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 11.4 ਮਿਲੀਮੀਟਰ, ਜਦੋਂਕਿ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਪਿਆ।
ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਰਿਹਾ।
ਪੰਜਾਬ ਵਿੱਚ ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਪੜ ਵਿੱਚ ਤਾਪਮਾਨ 37.1 ਡਿਗਰੀ ਸੈਲਸੀਅਸ ਰਿਹਾ।






