HomePunjab‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 'ਚ 10 ਲੱਖ ਤੋਂ ਵੱਧ ਖਿਡਾਰੀ ਲੈਣਗੇ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ‘ਚ 10 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਵਾਰ ਖੇਡਾਂ ਵਿੱਚ 10 ਲੱਖ ਤੋਂ ਵੱਧ ਖਿਡਾਰੀਆਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਖੇਡ ਮੇਲੇ ਦੀ ਸ਼ੁਰੂਆਤ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਹੋਵੇਗੀ, ਜਦਕਿ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿੱਚ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੁੱਖ ਉਦੇਸ਼ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੀ ਇੱਕ ਪ੍ਰਭਾਵਸ਼ਾਲੀ ਸਾਧਨ ਵਜੋਂ ਵਰਤਿਆ ਜਾ ਰਿਹਾ ਹੈ।

ਇਸ ਸਾਲ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀ ਨੌਂ ਵੱਖ-ਵੱਖ ਉਮਰ ਵਰਗਾਂ ਵਿੱਚ ਹਿੱਸਾ ਲੈਣਗੇ। ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਪੈਰਾ ਅਥਲੈਟਿਕਸ, ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਖਿਡਾਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਫ਼ਤ ਰੱਖੀ ਗਈ ਹੈ। ਖੇਡ ਵਿਭਾਗ ਵੱਲੋਂ ਕੋਡ ਆਧਾਰਿਤ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਖੇਡ ਵਿਭਾਗ ਦੇ ਪੋਰਟਲ ਰਾਹੀਂ ਵੀ ਕੀਤੀ ਜਾ ਸਕਦੀ ਹੈ।

ਇਹ ਖੇਡਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਅਤੇ 153 ਬਲਾਕਾਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਕਰਵਾਈਆਂ ਜਾਣਗੀਆਂ। ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਖੇਡਾਂ ਦੀ ਮਸ਼ਾਲ ਮਾਰਚ 12 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 5 ਸਤੰਬਰ ਨੂੰ ਬਠਿੰਡਾ ਪਹੁੰਚਣ ਤੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘੇਗੀ।

ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਤਿੰਨ ਗੇੜਾਂ ਵਿੱਚ 16 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੈਰਾ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿੱਚ ਹੋਣਗੇ।

ਰਾਜ ਪੱਧਰ ’ਤੇ ਸੋਨੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 10,000 ਰੁਪਏ, ਚਾਂਦੀ ਦੇ ਤਮਗਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦੇ ਤਮਗਾ ਜੇਤੂ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। 40 ਸਾਲ ਤੱਕ ਦੀ ਉਮਰ ਦੇ ਤਮਗਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਹੋ ਸਕਣਗੇ।

ਪਿਛਲੇ ਤਿੰਨ ਸੀਜ਼ਨਾਂ ਦੌਰਾਨ ਇਨ੍ਹਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ ਹੈ। ਪਹਿਲੇ ਸੀਜ਼ਨ ਵਿੱਚ 3.50 ਲੱਖ, ਦੂਜੇ ਵਿੱਚ 4 ਲੱਖ ਤੋਂ ਵੱਧ ਅਤੇ ਤੀਜੇ ਸੀਜ਼ਨ ਵਿੱਚ 4.35 ਲੱਖ ਖਿਡਾਰੀ ਮੈਦਾਨ ਵਿੱਚ ਉਤਰੇ ਸਨ। ਤਿੰਨਾਂ ਸੀਜ਼ਨਾਂ ਦੌਰਾਨ ਖਿਡਾਰੀਆਂ ਨੂੰ ਕੁੱਲ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਖੇਡ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਹਜ਼ਾਰਾਂ ਪੇਂਡੂ ਖੇਡ ਮੈਦਾਨਾਂ ਅਤੇ ਜਿੰਮਾਂ ਦੇ ਵਿਕਾਸ ਦੇ ਨਾਲ ਖਿਡਾਰੀਆਂ ਲਈ ਸਪੋਰਟਸ ਮੈਡੀਸਨ ਦੀਆਂ ਸਹੂਲਤਾਂ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਲੁਕੀ ਹੋਈ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਅਤੇ ਉਸ ਨੂੰ ਤਰਾਸ਼ਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਸੂਬਾ ਬਣਾਉਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਕਾਰਾਤਮਕ ਦਿਸ਼ਾ ਦੇਣਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments