ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੋਈ ਵੀ ਮੁਲਾਕਾਤ ਕਰ ਸਕਦਾ ਹੈ, ਪਰ ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੈ।
ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਪੰਜਾਬ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਗਾਏ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਦੇ ਸਵਾਲ ’ਤੇ ਸਿੱਧਾ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਪੰਜਾਬ ਦੇ ਮੁੱਦਿਆਂ ਅਤੇ ਕੇਂਦਰ ਦੇ ਦਖ਼ਲ ਦੀ ਮੰਗ ਨੂੰ ਲੈ ਕੇ ਹੋਈ ਸੀ। ਬਾਦਲ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਪੇਪਰ ਲੀਕ ਦੇ ਮੁੱਦਿਆਂ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਿਆ।






