ਪਟਿਆਲਾ: ਸ਼ਹਿਰ ਦੇ ਹੀਰਾ ਬਾਗ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਈ-ਰਿਕਸ਼ਾ ਚਾਲਕ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚੌਰਾ ਪਿੰਡ ਦੇ ਰਹਿਣ ਵਾਲੇ ਅਭਿਸ਼ੇਕ ਮਲਿਕ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੁਲਿਸ ਜਾਂਚ ਅਨੁਸਾਰ ਮੁੱਖ ਮੁਲਜ਼ਮ ਗੁਰਸੇਵ ਸਿੰਘ ਨੇ ਕੁਝ ਸਮਾਂ ਪਹਿਲਾਂ ਇੱਕ ਨੌਜਵਾਨ ਔਰਤ ਨੂੰ ਕਥਿਤ ਤੌਰ ’ਤੇ ਆਪਣੇ ਘਰ ਵਿੱਚ ਬੰਧਕ ਬਣਾ ਕੇ ਰੱਖਿਆ ਸੀ। ਉਸ ਸਮੇਂ ਅਭਿਸ਼ੇਕ ਮਲਿਕ ਨੇ ਲੜਕੀ ਨੂੰ ਉਸ ਦੇ ਚੁੰਗਲ ਤੋਂ ਛੁਡਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਸੇ ਕਾਰਨ ਗੁਰਸੇਵ ਸਿੰਘ ਉਸ ਨਾਲ ਰੰਜਿਸ਼ ਰੱਖਦਾ ਸੀ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਅਭਿਸ਼ੇਕ ਹੀਰਾ ਬਾਗ ਇਲਾਕੇ ਵਿੱਚ ਇੱਕ ਬਰਫ਼ ਫੈਕਟਰੀ ਦੇ ਨੇੜੇ ਆਪਣਾ ਈ-ਰਿਕਸ਼ਾ ਚਲਾ ਰਿਹਾ ਸੀ। ਇਸ ਦੌਰਾਨ ਗੁਰਸੇਵ ਸਿੰਘ ਆਪਣੇ ਚਾਰ-ਪੰਜ ਹਥਿਆਰਬੰਦ ਸਾਥੀਆਂ ਸਮੇਤ ਉੱਥੇ ਪਹੁੰਚਿਆ ਅਤੇ ਅਭਿਸ਼ੇਕ ਨੂੰ ਘੇਰ ਲਿਆ। ਹਮਲਾਵਰਾਂ ਨੇ ਉਸ ’ਤੇ ਤਿੱਖੇ ਹਥਿਆਰਾਂ ਨਾਲ ਲਗਾਤਾਰ ਵਾਰ ਕੀਤੇ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਗੰਭੀਰ ਰੂਪ ਵਿੱਚ ਜ਼ਖ਼ਮੀ ਅਭਿਸ਼ੇਕ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪਰ ਬਹੁਤ ਜ਼ਿਆਦਾ ਖੂਨ ਵਹਿਣ ਅਤੇ ਗੰਭੀਰ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਦੋਸ਼ੀ ਗੁਰਸੇਵ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।








