* ਬਜਰੰਗ ਅਖਾੜਾ ਅਤੇ ਆਲੇ-ਦੁਆਲੇ ਦੇ ਜਨਤਕ ਸਥਾਨਾਂ ਦੀ ਵਿਸ਼ੇਸ਼ ਸਫਾਈ
* ਦੁਕਾਨਦਾਰਾਂ, ਰੇੜੀ-ਫੜੀ ਵਾਲਿਆਂ ਅਤੇ ਸ਼ਹਿਰ ਵਾਸੀਆਂ ਨੂੰ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਰੱਖਣ ਦੀ ਅਪੀਲ
ਅਹਿਮਦਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘10 ਦਿਨਾਂ ਮਹਾਂ-ਸਫਾਈ ਅਭਿਆਨ’ ਤਹਿਤ ਨਗਰ ਕੌਂਸਲ ਅਹਿਮਦਗੜ੍ਹ ਵੱਲੋਂ ਅੱਜ ਅਭਿਆਨ ਦੇ 9ਵੇਂ ਦਿਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਬਜਰੰਗ ਅਖਾੜਾ ਅਤੇ ਇਸ ਦੇ ਆਲੇ-ਦੁਆਲੇ ਦੇ ਜਨਤਕ ਸਥਾਨਾਂ ਦੀ ਵਿਸ਼ੇਸ਼ ਸਫਾਈ ਕਰਵਾਈ ਗਈ।
ਨਗਰ ਕੌਂਸਲ ਅਹਿਮਦਗੜ੍ਹ ਦੇ ਕਮਲਜੀਤ ਸਿੰਘ ਉੱਬੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤਾ ਗਿਆ ਇਹ ਅਭਿਆਨ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲੋਕਪੱਖੀ ਪਹਿਲ ਨਾਲ ਸਫਾਈ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧੀ ਹੈ ਅਤੇ ਸਥਾਨਕ ਸੰਸਥਾਵਾਂ ਨੂੰ ਵੀ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਉਤਸ਼ਾਹ ਮਿਲਿਆ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਵਪਾਰਕ ਅਦਾਰਿਆਂ ਵਿੱਚੋਂ ਨਿਕਲਣ ਵਾਲੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਹੀ ਸਫਾਈ ਕਰਮਚਾਰੀਆਂ ਨੂੰ ਦਿੱਤਾ ਜਾਵੇ। ਇਸ ਨਾਲ ਕੂੜੇ ਦੀ ਸੰਭਾਲ ਅਤੇ ਨਿਪਟਾਰਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇਗਾ।
ਕਮਲਜੀਤ ਸਿੰਘ ਉੱਬੀ ਨੇ ਖਾਸ ਤੌਰ ’ਤੇ ਦੁਕਾਨਦਾਰਾਂ, ਰੇੜੀ-ਫੜੀ ਵਾਲਿਆਂ ਅਤੇ ਹੋਰ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਥਾਵਾਂ ਦੇ ਆਲੇ-ਦੁਆਲੇ ਸਫਾਈ ਯਕੀਨੀ ਬਣਾਉਣ ਅਤੇ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ।
ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਹਿਮਦਗੜ੍ਹ ਸਿਰਫ਼ ਨਗਰ ਕੌਂਸਲ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾ ਸਕਦਾ ਹੈ।






