ਪਟਿਆਲਾ: ਚੇਤ ਦੇ ਪਹਿਲੇ ਨਰਾਤੇ ਦੇ ਪਾਵਨ ਅਵਸਰ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਪਟਿਆਲਾ ਦੇ ਪ੍ਰਸਿੱਧ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਨਵਰਾਤਰੇ ਦੀਆਂ ਸਮੂਹ ਸ਼ਰਧਾਲੂਆਂ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਸਾਰੇ ਦੇਸ਼ ਵਾਸੀਆਂ ਲਈ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ।
ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਚੇਤ ਦੇ ਪਹਿਲੇ ਨਰਾਤੇ ‘ਤੇ ਇਸ ਪ੍ਰਾਚੀਨ ਅਤੇ ਧਾਰਮਿਕ ਮਹੱਤਤਾ ਵਾਲੇ ਮੰਦਰ ਵਿੱਚ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਮੰਦਰ ਵਿੱਚ ਹਵਨ ਵੀ ਕੀਤਾ ਅਤੇ ਕਿਹਾ ਕਿ ਇਸ ਪਵਿੱਤਰ ਸਥਾਨ ‘ਤੇ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਨਵੀਂ ਊਰਜਾ ਪ੍ਰਾਪਤ ਹੋਈ ਹੈ।

ਉਨ੍ਹਾਂ ਨੇ ਦੇਸ਼ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਪ੍ਰਾਰਥਨਾ ਕਰਦਿਆਂ ਕਿਹਾ ਕਿ ਜਦੋਂ ਤੱਕ ਮਾਤਾ ਦੀ ਅਸੀਸ ਸਾਡੇ ਸਿਰ ‘ਤੇ ਹੈ, ਕੋਈ ਵੀ ਤਾਕਤ ਸਾਡੇ ਦੇਸ਼ ਦਾ ਕੁਝ ਵੀ ਵਿਗਾੜ ਨਹੀਂ ਸਕਦੀ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਇਕਤਾ ਅਤੇ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਵੀ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਮੰਦਰ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਇਸ ਮੰਦਰ ਦੀ ਵੱਡੀ ਮਾਨਤਾ ਹੈ ਅਤੇ ਇਹ ਸਥਾਨ ਸ਼ਰਧਾਲੂਆਂ ਲਈ ਵਿਸ਼ੇਸ਼ ਆਸਥਾ ਦਾ ਕੇਂਦਰ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਦਰ ਦੇ ਵਿਕਾਸ ਲਈ ਨਿਰਮਾਣ ਕਾਰਜ ਜਾਰੀ ਹਨ ਅਤੇ ਪੰਜਾਬ ਸਰਕਾਰ ਵੱਲੋਂ ਅਗਲੇ ਨਰਾਤਿਆਂ ਤੱਕ ਇਸ ਦਾ ਨਿਰਮਾਣ ਕਾਰਜ ਮੁਕੰਮਲ ਕਰ ਲਿਆ ਜਾਵੇਗਾ।
ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਦੇ ਨਿਰਮਾਣ ਜਾਂ ਸੇਵਾ ਵਿੱਚ ਅਹੰਕਾਰ ਦੀ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਇਹ ਗਰੂਰ ਨਹੀਂ ਕਰਨਾ ਚਾਹੀਦਾ ਕਿ ਮੰਦਰ ਉਸਦੀ ਵਜ੍ਹਾ ਨਾਲ ਬਣਿਆ ਹੈ। ਸਨਾਤਨ ਧਰਮ ਵਿੱਚ ਨਿਮਰਤਾ ਅਤੇ ਸੇਵਾ ਦੀ ਭਾਵਨਾ ਸਭ ਤੋਂ ਵੱਡੀ ਹੈ ਅਤੇ ਅਹੰਕਾਰ ਲਈ ਕੋਈ ਥਾਂ ਨਹੀਂ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਹੋਰ ਮੰਦਰ ਦੇ ਨਿਰਮਾਣ ਜਾਂ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਉਹ ਇਸ ਨੂੰ ਵੀ ਪੂਰੀ ਸ਼ਰਧਾ ਨਾਲ ਨਿਭਾਉਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਮੰਦਰ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ ਰਾਜ ਕੁਮਾਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਧਾਰਮਿਕ ਅਤੇ ਆਧਿਆਤਮਿਕ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਹਾਜ਼ਰ ਰਹੇ ਅਤੇ ਸਭ ਨੇ ਮਿਲ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।





