ਖਨੌਰੀ: ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਪੁਲੀਸ ਪ੍ਰਸ਼ਾਸਨ ਵਿਚਕਾਰ ਦੂਜੇ ਦੌਰ ਦੀ ਮੀਟਿੰਗ ਵੀ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੁੱਖ ਲੜਾਈ ਟਰੇਡ ਡੀਲ ਨੂੰ ਲੈ ਕੇ ਹੈ ਅਤੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਨਾਲ ਸਿੱਧੀ ਮੀਟਿੰਗ ਕਰਵਾਈ ਜਾਣੀ ਚਾਹੀਦੀ ਹੈ।
ਡੱਲੇਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਨਾਲ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨ ਅੱਜ ਰਾਤ ਖਨੌਰੀ ਬਾਰਡਰ ’ਤੇ ਹੀ ਰਹਿਣਗੇ।
ਦਿੱਲੀ ਵੱਲ ਮਾਰਚ ਦੇ ਸੱਦੇ ਤੋਂ ਬਾਅਦ ਪੰਜਾਬ-ਹਰਿਆਣਾ ਸਰਹੱਦ ’ਤੇ ਤਣਾਅ ਵਧ ਗਿਆ ਹੈ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਖਨੌਰੀ ਚੈੱਕਪੋਸਟ ’ਤੇ ਭਾਰੀ ਬੈਰੀਕੇਡਿੰਗ ਕੀਤੀ ਹੈ। ਪੰਜਾਬ ਵਾਲੇ ਪਾਸੇ ਸੈਂਕੜੇ ਕਿਸਾਨ ਇਕੱਠੇ ਹੋਏ, ਪਰ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
ਪ੍ਰਸ਼ਾਸਨ ਵੱਲੋਂ ਬਹੁ-ਪਰਤੀ ਬੈਰੀਕੇਡ, ਕੰਕਰੀਟ ਦੇ ਬਲਾਕ ਅਤੇ ਲੋਹੇ ਦੇ ਬੈਰੀਕੇਡ ਲਗਾਉਣ ਦੇ ਨਾਲ ਦੰਗਾ ਵਿਰੋਧੀ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਸਾਰੀਆਂ ਫਸਲਾਂ ਲਈ ਕਾਨੂੰਨੀ ਐੱਮਐੱਸਪੀ ਗਾਰੰਟੀ, ਪ੍ਰਸਤਾਵਿਤ ਮੁਕਤ ਵਪਾਰ ਸਮਝੌਤਿਆਂ ਦਾ ਵਿਰੋਧ ਅਤੇ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ।
ਖਨੌਰੀ ਬਾਰਡਰ ਪੰਜਾਬ ਅਤੇ ਹਰਿਆਣਾ ਵਿਚਕਾਰ ਆਵਾਜਾਈ ਲਈ ਅਹਿਮ ਰਸਤਾ ਹੋਣ ਕਾਰਨ ਇੱਥੇ ਲੱਗੀਆਂ ਪਾਬੰਦੀਆਂ ਦਾ ਅਸਰ ਆਵਾਜਾਈ ’ਤੇ ਵੀ ਪੈ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।






