Tuesday, August 11, 2026
Home Punjab Malerkotla ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

0
18

•  ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

ਪੁਲਿਸ ਅਧਿਕਾਰੀਆਂ ਨੂੰ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਉਣ ਅਤੇ ਨਸ਼ਿਆਂ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ

ਕਿਹਾ, ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ

•   ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ

ਮਾਲੇਰਕੋਟਲਾ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਡੀ-ਐਡੀਕਸ਼ਨ ਸੈਂਟਰਾਂ ਦੀ ਸਥਾਪਨਾ ਅਤੇ ਨਸ਼ਾ ਮੁਕਤੀ ਟੀਮਾਂ ਦੀ ਤਾਇਨਾਤੀ ਕਰਕੇ ਨਸ਼ਿਆਂ ਦੇ ਖ਼ਿਲਾਫ਼ ਬਹੁਪੱਖੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪਿੰਡਾਂ ਵਿੱਚ ਖੇਡ ਸਹੂਲਤਾਂ, ਖੇਡ ਸਟੇਡੀਅਮਾਂ ਅਤੇ ਲਾਇਬ੍ਰੇਰੀਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤਮੰਦ, ਅਨੁਸ਼ਾਸਿਤ ਅਤੇ ਮਜ਼ਬੂਤ ਨੌਜਵਾਨੀ ਹੀ ਪੰਜਾਬ ਦੀ ਤਰੱਕੀ ਦਾ ਅਸਲ ਆਧਾਰ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਇਆ ਰੱਖਿਆ ਜਾਵੇ ਅਤੇ ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਮਿਲਣ ’ਤੇ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਐਸ.ਐਸ.ਪੀ. ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ 97791-00200 ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ ਰਾਜੇਸ਼ ਕੁਮਾਰ, ਐਸ.ਪੀ ਗੁਰਸ਼ਰਨਜੀਤ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਸਰਪੰਚ ਗੁਰਮੁੱਖ ਸਿੰਘ, ਚੋਧਰੀ ਮੁਹੰਮਦ ਨਿਸ਼ਾਰ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਹਲਕਾ ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ,ਚੇਅਰਮੈਨ ਹੱਜ ਕਮੇਟੀਮੁਹੰਮਦ ਹਾਸ਼ਿਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ ਬਿਟੂ ਭਨਭੋਰਾ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here