ਅੰਮ੍ਰਿਤਸਰ: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਜਵਾਬ ਨੂੰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜਵਾਬ ਨਾ ਤਾਂ ਤਸੱਲੀਬਖਸ਼ ਹੈ ਅਤੇ ਨਾ ਹੀ ਇਹ 29 ਜੂਨ ਨੂੰ ਹੋਈ ਸਹਿਮਤੀ ਦੇ ਅਨੁਕੂਲ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ 29 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਭਰੋਸਾ ਦਿੱਤਾ ਸੀ ਕਿ ਅਕਾਲ ਤਖ਼ਤ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਪਰ ਸਰਕਾਰ ਦਾ ਮੌਜੂਦਾ ਜਵਾਬ ਉਸ ਵਚਨਬੱਧਤਾ ਨੂੰ ਨਹੀਂ ਦਰਸਾਉਂਦਾ।
ਉਨ੍ਹਾਂ ਦੋਸ਼ ਲਾਇਆ ਕਿ ਅਕਾਲ ਤਖ਼ਤ ਵੱਲੋਂ ਭੇਜੇ ਗਏ ਇਤਰਾਜ਼ਾਂ ਅਤੇ ਸਿਫ਼ਾਰਸ਼ਾਂ ਵਿੱਚੋਂ ਸਰਕਾਰ ਨੇ ਸਿਰਫ਼ ਕਰੀਬ 10 ਫੀਸਦੀ ਸੁਝਾਵਾਂ ਨੂੰ ਹੀ ਸਵੀਕਾਰਿਆ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਦੀਆਂ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਨਹੀਂ ਹੈ।
ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਸੋਧਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਨਾਲ ਕੋਈ ਪ੍ਰਭਾਵਸ਼ਾਲੀ ਤਾਲਮੇਲ ਨਹੀਂ ਕੀਤਾ। ਇਸ ਲਈ ਸਰਕਾਰ ਦਾ ਜਵਾਬ ਮੌਜੂਦਾ ਰੂਪ ਵਿੱਚ ਮਨਜ਼ੂਰ ਨਹੀਂ ਕੀਤਾ ਜਾ ਸਕਦਾ।






