ਪਾਤੜਾਂ: ਪਾਤੜਾਂ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸੋਮਵਾਰ ਨੂੰ ਐੱਸਡੀਐੱਮ ਪਾਤੜਾਂ-ਕਮ-ਚੋਣ ਅਧਿਕਾਰੀ ਕਾਲਾ ਰਾਮ ਕਾਂਸਲ ਦੀ ਦੇਖ-ਰੇਖ ਹੇਠ ਕਰਵਾਈ ਗਈ। ਇਸ ਦੌਰਾਨ ਕੌਂਸਲਰਾਂ ਨੇ ਸਰਬਸੰਮਤੀ ਨਾਲ ਅੰਮ੍ਰਿਤਪਾਲ ਸਿੰਘ ਕਾਲੇਕਾ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ। ਇਸ ਦੇ ਨਾਲ ਹੀ ਪ੍ਰੀਤੀ ਜੈਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਰੇਨੂ ਵਧਵਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਚੋਣ ਪ੍ਰਕਿਰਿਆ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਅਤੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ (ਡੀਟੀਓ) ਸਮੇਤ ਕਈ ਆਗੂ ਹਾਜ਼ਰ ਰਹੇ। ਕੌਂਸਲ ਦੀ ਮੀਟਿੰਗ ਦੌਰਾਨ ਪ੍ਰੀਤੀ ਜੈਨ ਨੇ ਅੰਮ੍ਰਿਤਪਾਲ ਕਾਲੇਕਾ ਦਾ ਨਾਮ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਸਾਰੇ 17 ਕੌਂਸਲਰਾਂ ਨੇ ਸਰਬਸੰਮਤੀ ਨਾਲ ਮਨਜ਼ੂਰ ਕਰ ਲਿਆ। ਚੋਣ ਵਿੱਚ ਆਮ ਆਦਮੀ ਪਾਰਟੀ ਦੇ 10, ਕਾਂਗਰਸ ਦੇ 4, ਭਾਜਪਾ ਦੇ 2 ਅਤੇ ਇੱਕ ਆਜ਼ਾਦ ਕੌਂਸਲਰ ਨੇ ਹਿੱਸਾ ਲਿਆ।
ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਪ੍ਰਧਾਨ ਅੰਮ੍ਰਿਤਪਾਲ ਕਾਲੇਕਾ ਨੇ ਸ਼ਹਿਰ ਵਾਸੀਆਂ ਅਤੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲ ਸ਼ਹਿਰ ਦਾ ਸਰਵਪੱਖੀ ਵਿਕਾਸ, ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ, ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਟੀਮ ਦੇ ਸਹਿਯੋਗ ਨਾਲ ਪਾਤੜਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਕਰਨ ਸਿੰਘ ਨੇ ਵੀ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਮਾਜਿਕ ਬੁਰਾਈਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਹੈ।
ਚੋਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਚਰਚਾ ਛਿੜ ਗਈ ਜਦੋਂ ਆਮ ਆਦਮੀ ਪਾਰਟੀ ਦੇ ਦੋ ਧੜਿਆਂ ਨੇ ਵੱਖ-ਵੱਖ ਜੇਤੂ ਰੈਲੀਆਂ ਕੱਢੀਆਂ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਆਪਣੇ ਸਮਰਥਕਾਂ ਨਾਲ ਪੈਦਲ ਜੇਤੂ ਮਾਰਚ ਕੀਤਾ, ਜਦਕਿ ਕਰਨ ਸਿੰਘ ਨੇ ਨਵੇਂ ਪ੍ਰਧਾਨ ਅੰਮ੍ਰਿਤਪਾਲ ਕਾਲੇਕਾ ਨਾਲ ਖੁੱਲ੍ਹੀ ਗੱਡੀ ਵਿੱਚ ਵੱਖਰੀ ਰੈਲੀ ਕੱਢੀ। ਇਸ ਘਟਨਾ ਨੇ ਪਾਰਟੀ ਦੀ ਸਥਾਨਕ ਧੜੇਬੰਦੀ ਨੂੰ ਇੱਕ ਵਾਰ ਫਿਰ ਚਰਚਾ ਵਿੱਚ ਲਿਆ ਦਿੱਤਾ।
ਨਵੇਂ ਅਹੁਦੇਦਾਰਾਂ ਤੋਂ ਹੁਣ ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਲੰਬੇ ਸਮੇਂ ਤੋਂ ਲਟਕੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ ਅਤੇ ਨਗਰ ਕੌਂਸਲ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।







