ਨਵੀਂ ਦਿੱਲੀ: 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕੂਲੀ ਬੱਚਿਆਂ ਨਾਲ ਮੁਲਾਕਾਤ ਕੀਤੀ। ਚਿੱਟੇ, ਕੇਸਰੀ ਅਤੇ ਹਰੇ ਰੰਗ ਦੇ ਕੱਪੜਿਆਂ ਵਿੱਚ ਪਹੁੰਚੇ ਬੱਚਿਆਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ ਅਤੇ ਕਈ ਬੱਚਿਆਂ ਨਾਲ ਹੱਥ ਮਿਲਾਇਆ।
ਇਸ ਤੋਂ ਪਹਿਲਾਂ PM ਮੋਦੀ ਨੇ ਲਾਲ ਕਿਲ੍ਹੇ ਦੀ ਫਸੀਲ ਤੋਂ ਤਿਰੰਗਾ ਲਹਿਰਾ ਕੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ 2047 ਤੱਕ ਵਿਕਸਤ ਭਾਰਤ ਦੇ ਟੀਚੇ, ਨੌਜਵਾਨਾਂ, ਤਕਨਾਲੋਜੀ, ਸਵੈ-ਨਿਰਭਰਤਾ, ਊਰਜਾ ਸੁਰੱਖਿਆ ਅਤੇ ਦੇਸ਼ ਦੀ ਤਰੱਕੀ ਲਈ ਅਗਲੇ ਪੜਾਅ ਦੇ ਸੁਧਾਰਾਂ ’ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਅਗਲੇ ਇੱਕ ਸਾਲ ਵਿੱਚ ਇੱਕ ਕਰੋੜ ਤੋਂ ਵੱਧ ਨੌਜਵਾਨਾਂ ਨੂੰ AI ਦੀ ਸਿਖਲਾਈ ਦੇਣ ਅਤੇ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦੇਣ ਦੀ ਗੱਲ ਵੀ ਕਹੀ। ਉਨ੍ਹਾਂ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ 2036 ਓਲੰਪਿਕ ਲਈ ਭਾਰਤ ਦੀ ਤਿਆਰੀ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ।
ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ਵੰਦੇ ਮਾਤਰਮ’ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਨਕਸਲਵਾਦ ਖ਼ਤਮ ਕਰਨ, ਰਾਸ਼ਟਰੀ ਸੁਰੱਖਿਆ ਮਜ਼ਬੂਤ ਕਰਨ ਅਤੇ ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਵਧਾਉਣ ਦੀ ਲੋੜ ’ਤੇ ਵੀ ਗੱਲ ਕੀਤੀ।






