ਸ੍ਰੀ ਮੁਕਤਸਰ ਸਾਹਿਬ: ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਨੇ ਖੁਲਾਸਾ ਕੀਤਾ ਹੈ ਕਿ ਅਪਰਾਧੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਂ ਪ੍ਰੀਤਪਾਲ ਕੌਰ ਨੂੰ ਸਾਲ 2024 ਵਿੱਚ ਦਰਜ ਇੱਕ ਮਾਮਲੇ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਦੇ ਮਾਪਿਆਂ ਦਾ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਇਲਾਕੇ ਵਿੱਚ ਇੱਕ ਘਰ ਹੈ, ਹਾਲਾਂਕਿ ਉਹ ਅਸਲ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਵਸਨੀਕ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਮੁੱਖ ਦੋਸ਼ੀ ਹੈ। ਜਾਣਕਾਰੀ ਅਨੁਸਾਰ ਉਹ ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ। ਗੋਲਡੀ ਬਰਾੜ 2017 ਵਿੱਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿੱਥੋਂ ਬਾਅਦ ਉਹ ਅਪਰਾਧਿਕ ਗਤੀਵਿਧੀਆਂ ਨਾਲ ਜੁੜਦਾ ਗਿਆ।







