ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹਰਿਆਣਾ ਦੇ ਇੱਕ ਗੈਂਗਸਟਰ ਅਤੇ ਚੰਡੀਗੜ੍ਹ ਪੁਲਿਸ ਦੀ ਆਪ੍ਰੇਸ਼ਨ ਟੀਮ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਕਰੀਬ ਪੰਜ ਰਾਉਂਡ ਫਾਇਰ ਹੋਏ, ਜਿਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਹਾਲਾਂਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਗੈਂਗਸਟਰ ਦੀ ਪਛਾਣ ਮੁਕੇਸ਼ ਉਰਫ ਗੋਲੂ ਵਜੋਂ ਹੋਈ ਹੈ, ਜੋ ਹਰਿਆਣਾ ਦੇ ਗੋਹਾਨਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਖੁਫੀਆ ਜਾਣਕਾਰੀ ਅਨੁਸਾਰ, ਉਹ ਚੰਡੀਗੜ੍ਹ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਘੇਰ ਲਿਆ, ਜਿਸ ਦੌਰਾਨ ਮੁਕਾਬਲਾ ਹੋਇਆ। ਘਟਨਾ ਤੋਂ ਬਾਅਦ ਮੌਕੇ ਤੋਂ ਪੰਜ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਵੇਲੇ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸਦੇ ਅਪਰਾਧਿਕ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।








