ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਕਮਿਸ਼ਨਰੇਟ ਅਤੇ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਦੀਆਂ ਟੀਮਾਂ ਭਾਰੀ ਸੁਰੱਖਿਆ ਪ੍ਰਬੰਧਾਂ ਨਾਲ ਗ੍ਰੀਨ ਐਵੀਨਿਊ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਵੀ ਪਹੁੰਚੀਆਂ, ਪਰ ਮਜੀਠੀਆ ਉੱਥੇ ਨਹੀਂ ਮਿਲੇ।
ਜਾਣਕਾਰੀ ਅਨੁਸਾਰ ਪੁਲਿਸ ਨੇ ਰਿਹਾਇਸ਼ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਹੋਰ ਸੰਭਾਵਿਤ ਥਾਵਾਂ ‘ਤੇ ਵੀ ਜਾਂਚ ਕੀਤੀ। ਦੂਜੇ ਪਾਸੇ ਮਜੀਠੀਆ ਨੇ ਆਪਣੀ ਸੰਭਾਵਿਤ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ 30 ਮਈ 2026 ਨੂੰ ਮਜੀਠਾ ਪੁਲਿਸ ਨੇ ਪਿੰਡ ਸੋਹੀਆਂ ਕਲਾਂ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਨੂੰ ਇੱਕ ਮਾਮਲੇ ਵਿੱਚ ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਥਾਣੇ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।
ਪੁਲਿਸ ਦਾ ਦੋਸ਼ ਹੈ ਕਿ ਭੀੜ ਨੇ ਥਾਣੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਕੁਝ ਲੋਕ ਅਣਅਧਿਕਾਰਤ ਤੌਰ ‘ਤੇ ਅੰਦਰ ਚਲੇ ਗਏ। ਪੁਲਿਸ ਦੇ ਅਨੁਸਾਰ ਇਸ ਦੌਰਾਨ ਸਰਕਾਰੀ ਰਿਕਾਰਡ ਅਤੇ ਫਾਈਲਾਂ ਨਾਲ ਛੇੜਛਾੜ ਕੀਤੇ ਜਾਣ ਦੇ ਵੀ ਦੋਸ਼ ਹਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਨੇ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਮੁੜ ਕਾਬੂ ਕਰ ਲਿਆ ਗਿਆ। ਇਸ ਦੌਰਾਨ ਕੁਝ ਲੋਕਾਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਕਥਿਤ ਤੌਰ ‘ਤੇ ਧੱਕਾ-ਮੁੱਕੀ ਅਤੇ ਹੱਥੋਪਾਈ ਵੀ ਕੀਤੀ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ। ਪੁਲਿਸ ਮੁਤਾਬਕ ਵੀਡੀਓ ਫੁਟੇਜ ਦੇ ਆਧਾਰ ‘ਤੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਜਦਕਿ ਘਟਨਾ ਵਾਲੀ ਥਾਂ ‘ਤੇ 40 ਤੋਂ 50 ਲੋਕ ਮੌਜੂਦ ਸਨ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



