ਬਠਿੰਡਾ: ਆਮ ਲੋਕਾਂ ਨੂੰ ਇੱਕੋ ਛੱਤ ਹੇਠ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਣਾਏ ਗਏ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ। ਬਠਿੰਡਾ ਦੇ ਬਲਾਕ ਗੋਨਿਆਣਾ ਅਧੀਨ ਆਉਂਦੇ ਮਹਿਮਾ ਸਰਜਾ ਸੇਵਾ ਕੇਂਦਰ ਵਿੱਚ ਰਿਹਾਇਸ਼ੀ ਸਰਟੀਫਿਕੇਟ, ਆਧਾਰ ਕਾਰਡ ਅਤੇ ਹੋਰ ਦਸਤਾਵੇਜ਼ਾਂ ਦੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕਈ-ਕਈ ਦਿਨ ਚੱਕਰ ਕੱਟਣੇ ਪੈ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਕੰਮ ਸਮੇਂ ਸਿਰ ਨਹੀਂ ਕੀਤੇ ਜਾ ਰਹੇ ਅਤੇ ਉਨ੍ਹਾਂ ਨੂੰ ਵਾਰ-ਵਾਰ ਵਾਪਸ ਭੇਜ ਦਿੱਤਾ ਜਾਂਦਾ ਹੈ।
ਪਿੰਡ ਮਹਿਮਾ ਭਗਵਾਨਾ ਦੇ ਵਸਨੀਕ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਧੀ ਦੇ ਰਿਹਾਇਸ਼ੀ ਸਰਟੀਫਿਕੇਟ ਬਣਵਾਉਣ ਲਈ ਪਿਛਲੇ ਇੱਕ ਹਫ਼ਤੇ ਤੋਂ ਸੇਵਾ ਕੇਂਦਰ ਦੇ ਗੇੜੇ ਲਗਾ ਰਹੇ ਹਨ, ਪਰ ਹਰ ਵਾਰ ਕਿਸੇ ਨਾ ਕਿਸੇ ਬਹਾਨੇ ਨਾਲ ਉਨ੍ਹਾਂ ਦਾ ਕੰਮ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸੇਵਾ ਕੇਂਦਰ ਦੇ ਇੱਕ ਕਰਮਚਾਰੀ ਦਾ ਰਵੱਈਆ ਲੋਕਾਂ ਨਾਲ ਅਸਹਿਯੋਗੀ ਅਤੇ ਅੱਖੜ ਹੈ, ਜਿਸ ਕਾਰਨ ਆਮ ਨਾਗਰਿਕਾਂ ਨੂੰ ਹੋਰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸੇ ਤਰ੍ਹਾਂ ਹੋਰ ਪਰਿਵਾਰਾਂ ਨੇ ਵੀ ਦੱਸਿਆ ਕਿ ਆਧਾਰ ਕਾਰਡ ਅਪਡੇਟ ਕਰਵਾਉਣ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਲਈ ਉਨ੍ਹਾਂ ਨੂੰ ਕਈ ਵਾਰ ਸੇਵਾ ਕੇਂਦਰ ਆਉਣਾ ਪਿਆ। ਕਦੇ ਆਪਰੇਟਰ ਦੀ ਗੈਰਹਾਜ਼ਰੀ, ਕਦੇ ਮਸ਼ੀਨ ਖ਼ਰਾਬ ਹੋਣ ਅਤੇ ਕਦੇ ਹੋਰ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ। ਬਜ਼ੁਰਗਾਂ ਅਤੇ ਔਰਤਾਂ ਨੂੰ ਇਸ ਕਾਰਨ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਮਲੇ ‘ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਕਾਮਰੇਡ ਬਲਕਰਨ ਸਿੰਘ ਬਰਾੜ ਨੇ ਸਖ਼ਤ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਵਿੱਚ ਜਲਦੀ ਸੁਧਾਰ ਨਾ ਕੀਤਾ ਗਿਆ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਨਾ ਹੋਏ ਤਾਂ ਕਿਸਾਨ ਜਥੇਬੰਦੀ ਸੇਵਾ ਕੇਂਦਰ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ।
ਦੂਜੇ ਪਾਸੇ, ਜਦੋਂ ਇਸ ਸਬੰਧੀ ਜ਼ਿਲ੍ਹਾ ਸਹਾਇਕ ਮੈਨੇਜਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ। ਸਥਾਨਕ ਲੋਕਾਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਮਹਿਮਾ ਸਰਜਾ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ, ਜਵਾਬਦੇਹ ਅਤੇ ਨਿਰਧਾਰਤ ਸਮੇਂ ਅੰਦਰ ਮਿਲਣ।







