Sunday, July 19, 2026
Home Punjab ਪਨਬਸ,ਪੀ.ਆਰ.ਟੀ.ਸੀ. ਕਰਮਚਾਰੀਆਂ ਦਾ ਵੱਡਾ ਐਲਾਨ, ਮੰਗਾਂ ਨਾ ਮੰਨੀਆਂ ਤਾਂ ਸਰਕਾਰੀ ਬੱਸਾਂ ਰੋਕਣਗੇ

ਪਨਬਸ,ਪੀ.ਆਰ.ਟੀ.ਸੀ. ਕਰਮਚਾਰੀਆਂ ਦਾ ਵੱਡਾ ਐਲਾਨ, ਮੰਗਾਂ ਨਾ ਮੰਨੀਆਂ ਤਾਂ ਸਰਕਾਰੀ ਬੱਸਾਂ ਰੋਕਣਗੇ

0
66

 

ਜਲੰਧਰ : ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਐਂਪਲਾਈਜ਼ ਯੂਨੀਅਨ ਨੇ ਸਰਕਾਰ ‘ਤੇ ਵਾਅਦੇ ਮੁਤਾਬਕ ਮੰਗਾਂ ਪੂਰੀਆਂ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸਰਕਾਰੀ ਬੱਸਾਂ ਰੋਕ ਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਕਰਮਚਾਰੀਆਂ ਨੂੰ ਆਪਣੀ ਆਵਾਜ਼ ਚੁੱਕਣ ਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਦਰਸ਼ਨਕਾਰੀ ਕਰਮਚਾਰੀਆਂ ‘ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਕੈਦ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨਿੱਜੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਵਿਭਾਗ ਦੇ ਨਿੱਜੀਕਰਨ ਵੱਲ ਵਧ ਰਹੀ ਹੈ ਅਤੇ ਕਿਲੋਮੀਟਰ ਸਕੀਮ ਲਈ ਟੈਂਡਰ ਮੁੜ–ਮੁੜ ਜਾਰੀ ਕੀਤੇ ਜਾ ਰਹੇ ਹਨ।

ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੰਯੁਕਤ ਸਕੱਤਰ ਜਗਤਾਰ ਸਿੰਘ, ਜਲੋਰ ਸਿੰਘ ਅਤੇ ਰੋਹੀ ਰਾਮ ਨੇ ਕਿਹਾ ਕਿ ਸਰਕਾਰ ਨੂੰ ਕਿਲੋਮੀਟਰ ਸਕੀਮ ਦੇ ਘਾਟੇ ਵਿੱਚ ਹੋਣ ਦੇ ਪੱਕੇ ਸਬੂਤ ਦਿੱਤੇ ਗਏ ਹਨ, ਫਿਰ ਵੀ ਸਰਕਾਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਸਿਰਫ਼ ਸਰਕਾਰੀ ਅਦਾਰਿਆਂ ਦੇ ਕਰਮਚਾਰੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਯੂਨੀਅਨ ਨੇ ਐਲਾਨ ਕੀਤਾ ਹੈ ਕਿ 26 ਜਨਵਰੀ, ਗਣਤੰਤਰ ਦਿਵਸ ਮੌਕੇ ਸਾਰੇ ਡਿਪੂਆਂ ਦੇ ਗੇਟਾਂ ‘ਤੇ ਕਾਲੇ ਰਿਬਨ ਬੰਨ੍ਹ ਕੇ ਗੇਟ ਰੈਲੀਆਂ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ 28 ਜਨਵਰੀ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਵਿੱਚ ਸੰਗਰੂਰ ਵਿੱਚ ਸਥਾਈ ਧਰਨਾ ਵੀ ਸ਼ਾਮਲ ਹੋਵੇਗਾ।

ਯੂਨੀਅਨ ਅਨੁਸਾਰ ਸੰਘਰਸ਼ ਦੇ ਤਹਿਤ
9 ਫਰਵਰੀ ਨੂੰ ਗੇਟ ਰੈਲੀਆਂ
11 ਫਰਵਰੀ ਨੂੰ ਡਿਪੂਆਂ ‘ਚ ਬੱਸਾਂ ਖੜ੍ਹੀਆਂ ਕਰਕੇ ਪ੍ਰਦਰਸ਼ਨ
12 ਫਰਵਰੀ ਨੂੰ ਮੁਕੰਮਲ ਹੜਤਾਲ
ਅਤੇ ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

ਯੂਨੀਅਨ ਨੇ ਦੱਸਿਆ ਕਿ ਪਨਬਸ ਅਤੇ ਪੀ.ਆਰ.ਟੀ.ਸੀ. ਤੋਂ ਮੁਫ਼ਤ ਬੱਸ ਸੇਵਾ ਦੇ ਤਹਿਤ ਕਰੀਬ 1200 ਕਰੋੜ ਰੁਪਏ ਬਕਾਇਆ ਹਨ, ਜਿਸ ਕਾਰਨ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਵਿੱਚ ਦਿੱਕਤ ਆ ਰਹੀ ਹੈ। ਨਵੀਆਂ ਬੱਸਾਂ ਲਈ ਬੈਂਕ ਕਰਜ਼ੇ ਦੀ ਮਨਜ਼ੂਰੀ ਵੀ ਨਹੀਂ ਦਿੱਤੀ ਜਾ ਰਹੀ। ਯੂਨੀਅਨ ਨੇ ਦੋਸ਼ ਲਗਾਇਆ ਕਿ ਕਿਲੋਮੀਟਰ ਸਕੀਮ ਲਗਾਤਾਰ ਘਾਟੇ ਵਿੱਚ ਹੈ, ਫਿਰ ਵੀ ਸਰਕਾਰ ਆਪਣੀਆਂ ਬੱਸਾਂ ਦੀ ਬਜਾਏ ਨਿੱਜੀ ਠੇਕਿਆਂ ਨੂੰ ਤਰਜੀਹ ਦੇ ਰਹੀ ਹੈ।

LEAVE A REPLY

Please enter your comment!
Please enter your name here