HomePunjabਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਸਵੇਰੇ 7 ਤੋਂ ਦੁਪਹਿਰ...

ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਬੰਦ

ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਮੁਤਾਬਕ ਬੰਦ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ, ਕਿਸਾਨ ਯੂਨੀਅਨਾਂ, ਵਪਾਰੀ ਵਰਗ ਅਤੇ ਹੋਰ ਧਿਰਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਬੰਦ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ।

ਕੌਮੀ ਇਨਸਾਫ਼ ਮੋਰਚੇ ਵੱਲੋਂ ਤਿਹਾੜ ਜੇਲ੍ਹ ਵਿੱਚ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਮੋਰਚੇ ਦੇ ਆਗੂ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਬੰਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਇਹ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਬੰਦ ਨੂੰ ਸਿੱਖ ਭਾਈਚਾਰੇ ਦੇ ਨਾਲ-ਨਾਲ ਹਿੰਦੂ ਭਾਈਚਾਰੇ ਵੱਲੋਂ ਵੀ ਸਮਰਥਨ ਮਿਲ ਰਿਹਾ ਹੈ। ਬੰਦ ਦੌਰਾਨ ਦੁਕਾਨਾਂ, ਵਪਾਰਕ ਅਦਾਰੇ, ਸਕੂਲ, ਕਾਲਜ, ਰੇਲ ਅਤੇ ਸੜਕੀ ਆਵਾਜਾਈ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਮੈਡੀਕਲ ਸੇਵਾਵਾਂ, ਐਂਬੂਲੈਂਸ, ਵਿਆਹ ਸਮਾਗਮਾਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ।

ਸਕੂਲਾਂ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਿੱਜੀ ਸਕੂਲ ਆਪਣੇ ਪੱਧਰ ’ਤੇ ਫੈਸਲਾ ਲੈ ਸਕਦੇ ਹਨ। ਇਸ ਕਾਰਨ ਕੁਝ ਨਿੱਜੀ ਸਕੂਲਾਂ ਨੇ ਛੁੱਟੀ ਕਰ ਦਿੱਤੀ ਹੈ, ਜਦਕਿ ਕੁਝ ਸਕੂਲ ਪ੍ਰਬੰਧਨ ਵੱਲੋਂ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।

ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ, ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਪਟਿਆਲਾ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਤਾ ਗਿਆ ਸੀ। ਮੋਰਚੇ ਦੇ ਬਾਨੀ ਗੁਰਚਰਨ ਸਿੰਘ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਦੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ।

ਬੰਦ ਦੌਰਾਨ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ, ਧਰਨੇ ਅਤੇ ਇਕੱਠ ਕੀਤੇ ਜਾਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਰੇਲ ਆਵਾਜਾਈ ਰੋਕਣ, ਮੁੱਖ ਸੜਕਾਂ ’ਤੇ ਪ੍ਰਦਰਸ਼ਨ ਕਰਨ ਅਤੇ ਬਾਜ਼ਾਰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਮੱਦੇਨਜ਼ਰ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੁਲਿਸ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਮੋਰਚੇ ਵੱਲੋਂ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਸਮੇਤ ਪੰਜਾਬ ਵਾਸੀਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments