ਚੰਡੀਗੜ੍ਹ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਫੀਲਡ ਵਿੱਚ ਵਿਭਾਗ ਦੀ ਮੌਜੂਦਗੀ ਵਧੇਗੀ, ਟੈਕਸ ਚੋਰੀ ‘ਤੇ ਨੱਥ ਪਾਈ ਜਾਵੇਗੀ ਅਤੇ ਸਰਕਾਰ ਦੇ ਮਾਲੀਆ ਵਿੱਚ ਵਾਧਾ ਹੋਵੇਗਾ। ਲਗਭਗ 2.21 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ ਗੱਡੀਆਂ ਵੱਖ-ਵੱਖ ਜ਼ਿਲ੍ਹਿਆਂ ਅਤੇ ਇਨਫੋਰਸਮੈਂਟ ਯੂਨਿਟਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ, ਜਿਸ ਨਾਲ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਕਾਰਵਾਈ ਹੋਰ ਤੇਜ਼ ਹੋਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਨਵਾਂ ਫਲੀਟ ਵਿਭਾਗ ਨੂੰ ਰੀਅਲ-ਟਾਈਮ ਨਿਗਰਾਨੀ, ਤੇਜ਼ ਕਾਰਵਾਈ ਅਤੇ ਟੈਕਸ ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ। ਇਸ ਨਾਲ ਅੰਤਰ-ਰਾਜੀ ਮਾਲ ਦੀ ਆਵਾਜਾਈ ‘ਤੇ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ ਅਤੇ ਟੈਕਸ ਚੋਰੀ ਨੂੰ ਰੋਕਣ ਵਿੱਚ ਵੱਡੀ ਸਫਲਤਾ ਮਿਲੇਗੀ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਮਾਲੀਆ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।








