ਚੰਡੀਗੜ੍ਹ: ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਰਾਜ ਸਰਕਾਰ ਨੂੰ 15 ਦਿਨਾਂ ਦੇ ਅੰਦਰ ਸਾਰਾ ਬਕਾਇਆ ਅਦਾ ਕਰਨ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ 6 ਫੀਸਦੀ ਵਿਆਜ ਦੇਣ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਕਰਮਚਾਰੀ ਧਿਰ ਨੇ ਸੁਪਰੀਮ ਕੋਰਟ ਵਿੱਚ ਕੈਵੀਏਟ (Caveat) ਪਟੀਸ਼ਨ ਦਾਇਰ ਕਰ ਦਿੱਤੀ ਹੈ।
ਵਕੀਲ ਅਭਿਸ਼ੇਕ ਗੁਪਤਾ ਰਾਹੀਂ ਦਾਇਰ ਕੀਤੀ ਗਈ ਇਸ ਪਟੀਸ਼ਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜੇਕਰ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਛੁੱਟੀ ਪਟੀਸ਼ਨ (SLP) ਦਾਇਰ ਕਰਦੀ ਹੈ, ਤਾਂ ਕਰਮਚਾਰੀਆਂ ਦਾ ਪੱਖ ਸੁਣੇ ਬਿਨਾਂ ਸਰਕਾਰ ਨੂੰ ਕੋਈ ਇਕਪਾਸੜ ਸਟੇਅ ਜਾਂ ਅੰਤਰਿਮ ਰਾਹਤ ਨਾ ਦਿੱਤੀ ਜਾਵੇ।
ਇਹ ਵਿਵਾਦ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ 1 ਜਨਵਰੀ 2016 ਤੋਂ ਜੁਲਾਈ 2021 ਤੱਕ ਰੋਕੇ ਗਏ ਮਹਿੰਗਾਈ ਭੱਤੇ ਦੇ ਬਕਾਏ ਨਾਲ ਸਬੰਧਤ ਹੈ। ਇਹ ਰਕਮ ਵੱਧ ਕੇ ਲਗਭਗ ₹14,191 ਕਰੋੜ ਤੱਕ ਪਹੁੰਚ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਅਤੇ ਡਿਵੀਜ਼ਨ ਬੈਂਚ ਦੋਵਾਂ ਨੇ ਹੀ ਸਰਕਾਰ ਦੀ 42 ਕਿਸ਼ਤਾਂ ਵਿੱਚ ਭੁਗਤਾਨ ਕਰਨ ਵਾਲੀ ਯੋਜਨਾ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ।
ਦੂਜੇ ਪਾਸੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਬਕਾਇਆ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਹੁਣ ਤੱਕ ਕਰੀਬ ₹6,000 ਕਰੋੜ ਦਾ ਭੁਗਤਾਨ ਕਰ ਚੁੱਕੀ ਹੈ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਤਰਜੀਹ ਦਿੰਦਿਆਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।






