ਮਾਨਸਾ, 17 ਜੂਨ:
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਕਿਸਾਨਾਂ ਤੋਂ https://www.agrimachinerypb. com ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਸਨ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਰ ਨਿਰਧਾਰਤ ਟੀਚਿਆਂ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਣ ਕਾਰਨ ਲਾਭਪਾਤਰੀਆਂ ਦੀ ਚੋਣ ਲਾਟਰੀ ਪ੍ਰਣਾਲੀ ਅਨੁਸਾਰ ਡਰਾਅ ਰਾਹੀਂ ਕਰਨ ਸਬੰਧੀ ਪ੍ਰਾਪਤ ਹਦਾਇਤਾਂ ਦੀ ਪਾਲਣਾ ਤਹਿਤ ਡਿਪਟੀ ਕਮਿਸ਼ਨਰ, ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਦੀ ਅਗਵਾਈ ਹੇਠ ਬੱਚਤ ਭਵਨ, ਮਾਨਸਾ ਵਿਖੇ ਵੱਖ-ਵੱਖ ਖੇਤੀ ਮਸ਼ੀਨਰੀ ਲਈ ਪ੍ਰਾਪਤ ਅਰਜ਼ੀਆਂ ਦੇ ਡਰਾਅ ਕੱਢੇ ਗਏ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਡਰਾਅ ਰਾਹੀਂ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਨਾਲ ਜ਼ਿਲ੍ਹੇ ਵਿੱਚ ਮਸ਼ੀਨਰੀ ਦੀ ਉਪਲਬਧਤਾ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਨ ਕਮੀ ਆਉਣ ਦੀ ਉਮੀਦ ਹੈ।
ਮੁੱਖ ਖੇਤੀਬਾੜੀ ਅਫਸਰ ਸ. ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਡਰਾਅ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ 72 ਬੇਲਰ+ਰੈਕ, 233 ਸੁਪਰ ਸੀਡਰ, 95 ਜ਼ੀਰੋ ਡਰਿੱਲ, 4 ਮਲਚਰ, 9 ਐੱਮ.ਬੀ. ਪਲਾਓ, 6 ਐਸ.ਐਮ.ਐਸ, 5 ਹੈਪੀਸੀਡਰ ਆਦਿ ਮਸ਼ੀਨਾਂ ਲਈ ਪ੍ਰਾਪਤ ਟੀਚਿਆਂ ਮੁਤਾਬਕ ਲਾਭਪਾਤਰੀਆਂ ਦੀ ਚੋਣ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਪਿੰਡ ਪੱਧਰ ’ਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਚੁਣੇ ਗਏ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਮਸ਼ੀਨਰੀ ਦੀ ਖਰੀਦ ਕਰਕੇ ਵੱਧ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿੱਚ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਯਕੀਨੀ ਬਣਾਉਣ ਅਤੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੀ.ਡੀ.ਪੀ. ਅਤੇ ਸਮੈਮ ਸਕੀਮਾਂ ਅਧੀਨ ਵੀ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਕਵਿਤਾ ਗਰਗ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਵਿਭਾਗੀ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।









