HomePunjabMalerkotlaਦੋ ਵੱਖ-ਵੱਖ ਮਾਮਲਿਆਂ ਵਿੱਚ 02 ਦੋਸ਼ੀ ਗ੍ਰਿਫ਼ਤਾਰ, 3 ਨਾਜਾਇਜ਼ ਅਸਲੇ, ਨਸ਼ੀਲੀਆਂ ਗੋਲੀਆਂ...

ਦੋ ਵੱਖ-ਵੱਖ ਮਾਮਲਿਆਂ ਵਿੱਚ 02 ਦੋਸ਼ੀ ਗ੍ਰਿਫ਼ਤਾਰ, 3 ਨਾਜਾਇਜ਼ ਅਸਲੇ, ਨਸ਼ੀਲੀਆਂ ਗੋਲੀਆਂ ਅਤੇ ਵਾਹਨ ਬਰਾਮਦ

ਮਾਲੇਰਕੋਟਲਾ, 19 ਜੂਨ:

ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਅਸਲਾ ਰੱਖਣ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਖ਼ਤਰਨਾਕ ਅਪਰਾਧੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਅਸਲਾ, ਕਾਰਤੂਸ, ਨਸ਼ੀਲੀਆਂ ਗੋਲੀਆਂ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵੱਲੋਂ ਮੁਖਬਰ ਦੀ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਏ.ਐਸ.ਆਈ ਕੁਲਵੀਰ ਸਿੰਘ ਚੌਂਕੀ ਇੰਚਾਰਜ ਜੋੜੇਪੁਲ ਵੱਲੋਂ ਜਸਕਰਨ ਸਿੰਘ ਉਰਫ਼ ਘੋੜਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਭੈਣੀ ਖੁਰਦ (ਮੁਹੰਮਦ ਨਗਰ), ਥਾਣਾ ਅਮਰਗੜ੍ਹ, ਜ਼ਿਲ੍ਹਾ ਮਾਲੇਰਕੋਟਲਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਪਾਸੋਂ ਇੱਕ ਦੇਸੀ ਕੱਟਾ .315 ਬੋਰ, ਇੱਕ ਪਿਸਤੌਲ .32 ਬੋਰ ਸਮੇਤ ਮੈਗਜ਼ੀਨ ਅਤੇ 02 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਮੁਕੱਦਮਾ ਨੰਬਰ 106 ਮਿਤੀ 18.06.2026 ਅਧੀਨ ਧਾਰਾ 25/54/59 ਆਰਮਜ਼ ਐਕਟ ਥਾਣਾ ਸਦਰ ਅਹਿਮਦਗੜ੍ਹ ਵਿਖੇ ਦਰਜ ਕੀਤਾ ਗਿਆ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਅਮਰਗੜ੍ਹ ਵਿਖੇ ਡੀ.ਐਸ.ਪੀ ਅਮਰਗੜ੍ਹ ਸੰਜੀਵ ਕਪੂਰ ਦੀ ਅਗਵਾਈ ਹੇਠ, ਇੰਸਪੈਕਟਰ ਹਰਜਿੰਦਰ ਸਿੰਘ (ਸੀ.ਆਈ.ਏ) ਮਾਹੋਰਾਣਾ, ਐਸ.ਐਚ.ਓ ਅਮਰਗੜ੍ਹ ਥਾਣੇਦਾਰ ਜਗਸੀਰ ਸਿੰਘ ਦੀ ਟੀਮ ਵੱਲੋਂ ਕਾਰਵਾਈ ਦੌਰਾਨ ਯੋਗੇਸ਼ ਕੁਮਾਰ ਉਰਫ਼ ਦੱਦੂ ਪੁੱਤਰ ਰਾਜੇਸ਼ ਕੁਮਾਰ ਵਾਸੀ ਧੱਕਾ ਬਸਤੀ, ਜੀਵਨ ਨਗਰ, ਸੋਹੀਆਂ ਰੋਡ, ਸੰਗਰੂਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਸਵਿਫਟ ਕਾਰ, ਇੱਕ ਨਾਜਾਇਜ਼ ਪਿਸਤੌਲ ਸਮੇਤ 04 ਜਿੰਦਾ ਕਾਰਤੂਸ ਅਤੇ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਕਾਰ ਉੱਪਰ ਜਾਅਲੀ ਨੰਬਰ ਪਲੇਟ ਲਗਾਈ ਹੋਈ ਸੀ। ਇਸ ਸਬੰਧੀ ਮੁਕੱਦਮਾ ਨੰਬਰ 209 ਮਿਤੀ 17.06.2026 ਅਧੀਨ ਧਾਰਾ 25/54/59 ਆਰਮਜ਼ ਐਕਟ, 22/61/85 ਐਨ.ਡੀ.ਪੀ.ਐੱਸ. ਐਕਟ ਅਤੇ 347(1) ਬੀ.ਐੱਨ.ਐੱਸ. ਥਾਣਾ ਅਮਰਗੜ੍ਹ ਵਿਖੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਯੋਗੇਸ਼ ਉਰਫ਼ ਦੱਦੂ ਥਾਣਾ ਸਿਟੀ ਬੁਢਲਾਡਾ, ਜ਼ਿਲ੍ਹਾ ਮਾਨਸਾ ਦੇ ਇੱਕ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਹੈ। ਇਸ ਤੋਂ ਇਲਾਵਾ ਉਸ ਖ਼ਿਲਾਫ਼ ਚੋਰੀ, ਲੁੱਟ-ਖੋਹ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਕਈ ਮੁਕੱਦਮੇ ਦਰਜ ਹਨ।
ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਇਸ ਦੌਰਾਨ ਹੋਰ ਅਹਿਮ ਖੁਲਾਸੇ ਹੋਣਗੇ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡੀ.ਐਸ.ਪੀ (ਡੀ) ਦੀਪਇੰਦਰ ਪਾਲ ਸਿੰਘ ਜੇਜੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments