ਮੋਹਾਲੀ, : ਮੌਸਮ ਵਿਭਾਗ ਨੇ 31 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਇਹ ਆਮ ਦੇ ਨੇੜੇ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 37.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਮੌਸਮ ਵਿਗਿਆਨੀਆਂ ਮੁਤਾਬਕ ਮੱਧ ਪ੍ਰਦੇਸ਼ ਅਤੇ ਵਿਦਰਭ ਉੱਤੇ ਬਣਿਆ ਦਬਾਅ ਇਸ ਸਮੇਂ ਮਹਾਰਾਸ਼ਟਰ, ਗੁਜਰਾਤ ਅਤੇ ਰਾਜਸਥਾਨ ਵਿੱਚ ਮੀਂਹ ਦਾ ਕਾਰਨ ਬਣਿਆ ਹੋਇਆ ਹੈ। ਇਸ ਕਾਰਨ ਮੌਨਸੂਨ ਟ੍ਰਫ਼ ਪੰਜਾਬ ਤੋਂ ਦੱਖਣ ਵੱਲ ਖਿਸਕ ਗਈ ਹੈ, ਜਦਕਿ ਸਰਗਰਮ ਪੱਛਮੀ ਗੜਬੜੀ ਉੱਤਰੀ ਹਰਿਆਣਾ ਵੱਲ ਵਧ ਗਈ ਹੈ। ਇਸ ਦੇ ਚਲਦਿਆਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵਿਆਪਕ ਭਾਰੀ ਮੀਂਹ ਦੀ ਸੰਭਾਵਨਾ ਘੱਟ ਦੱਸੀ ਗਈ ਹੈ।
31 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸਰਹੱਦੀ ਅਤੇ ਉੱਤਰੀ ਜ਼ਿਲ੍ਹਿਆਂ ਦੇ ਨਾਲ-ਨਾਲ ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।






