ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਬਠਿੰਡਾ 37 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ।
ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਬਿਜਲੀ ਡਿੱਗਣ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਤਰਨਤਾਰਨ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ।
ਮੌਸਮ ਵਿੱਚ ਆ ਰਹੇ ਬਦਲਾਅ ਦਾ ਅਸਰ ਪੰਜਾਬ ਵਿੱਚ ਬਿਜਲੀ ਦੀ ਮੰਗ ’ਤੇ ਵੀ ਦੇਖਣ ਨੂੰ ਮਿਲਿਆ ਹੈ। ਸ਼ਨੀਵਾਰ ਸਵੇਰੇ ਸੂਬੇ ਵਿੱਚ ਬਿਜਲੀ ਦੀ ਮੰਗ 12,989 ਮੈਗਾਵਾਟ ਦਰਜ ਕੀਤੀ ਗਈ। ਇਸ ਦੌਰਾਨ ਪੰਜਾਬ ਨੇ 9,876 ਮੈਗਾਵਾਟ ਬਿਜਲੀ ਲਈ, ਜਦਕਿ ਸ਼ਡਿਊਲ 9,847 ਮੈਗਾਵਾਟ ਦਾ ਸੀ। ਇਸ ਤਰ੍ਹਾਂ ਸ਼ਡਿਊਲ ਦੇ ਮੁਕਾਬਲੇ 29 ਮੈਗਾਵਾਟ ਵੱਧ ਬਿਜਲੀ ਲਈ ਗਈ। ਪੰਜਾਬ ਵਿੱਚ ਬਿਜਲੀ ਉਤਪਾਦਨ 3,112 ਮੈਗਾਵਾਟ ਦਰਜ ਕੀਤਾ ਗਿਆ।






