ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਬੁੱਧਵਾਰ ਸਵੇਰ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਖੇਤਰ ਅਤੇ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਸੂਬੇ ਵਿੱਚ ਹੁਣ ਮਾਨਸੂਨ ਦੀ ਸਰਗਰਮੀ ਹੌਲੀ ਪੈ ਰਹੀ ਹੈ ਅਤੇ ਇਸ ਦੀ ਜਲਦ ਵਿਦਾਈ ਹੋਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਬਠਿੰਡਾ 35.7 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਮੀਂਹ ਕਾਰਨ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ।
ਉੱਧਰ ਸੂਬੇ ਦੇ ਪ੍ਰਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਫਿਲਹਾਲ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,637.1 ਫੁੱਟ ਦਰਜ ਕੀਤਾ ਗਿਆ, ਜਦਕਿ ਖ਼ਤਰੇ ਦਾ ਨਿਸ਼ਾਨ 1,680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਦਾ ਪਾਣੀ ਦਾ ਪੱਧਰ 1,368.48 ਫੁੱਟ ਦਰਜ ਕੀਤਾ ਗਿਆ ਹੈ।






