Friday, August 14, 2026
Home Punjab ਪੰਜਾਬ-ਚੰਡੀਗੜ੍ਹ ਵਿੱਚ 19 ਅਗਸਤ ਤੱਕ ਮੀਂਹ ਦਾ ਦੌਰ, ਯੈਲੋ ਅਲਰਟ ਜਾਰੀ

ਪੰਜਾਬ-ਚੰਡੀਗੜ੍ਹ ਵਿੱਚ 19 ਅਗਸਤ ਤੱਕ ਮੀਂਹ ਦਾ ਦੌਰ, ਯੈਲੋ ਅਲਰਟ ਜਾਰੀ

0
2

ਮੋਹਾਲੀ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ 14 ਤੋਂ 19 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਸਬੰਧੀ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਮੌਜੂਦਾ ਤਾਪਮਾਨ ਆਮ ਨਾਲੋਂ ਲਗਭਗ 2.7 ਡਿਗਰੀ ਸੈਲਸੀਅਸ ਵੱਧ ਹੈ। ਪਟਿਆਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕਈ ਇਲਾਕਿਆਂ ਵਿੱਚ ਦਿਨ ਭਰ ਬੱਦਲਵਾਈ ਰਹਿਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਮੌਨਸੂਨ ਟ੍ਰਫ ਇਸ ਸਮੇਂ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚੋਂ ਲੰਘ ਰਿਹਾ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ ਦੇ ਆਲੇ-ਦੁਆਲੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ, ਜਿਸ ਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਵੀ ਪੈ ਸਕਦਾ ਹੈ।

ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ’ਤੇ ਧਿਆਨ ਦੇਣ ਅਤੇ ਭਾਰੀ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।

 

LEAVE A REPLY

Please enter your comment!
Please enter your name here