* ਸਕੂਲੀ ਬੱਸਾਂ ਅਤੇ ਓਵਰਲੋਡ ਕਮਰਸ਼ੀਅਲ ਵਹੀਕਲਾਂ ਨੂੰ ਕੀਤਾ 2.60 ਲੱਖ ਰੁਪਏ ਦਾ ਜੁਰਮਾਨਾ
ਮਾਲੇਰਕੋਟਲਾ: ਜ਼ਿਲੇ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਟਰਾਂਸਪੋਰਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਦੀ ਅਗਵਾਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ ਸਕੂਲੀ ਬੱਸਾਂ, ਕਮਰਸ਼ੀਅਲ ਵਾਹਨਾਂ ਅਤੇ ਓਵਰਲੋਡ ਟਰਾਲੀਆਂ ਦੀ ਗਹਿਰਾਈ ਨਾਲ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।
ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣ ਕਰਨ ਵਾਲੇ 10 ਵਹੀਕਲਾਂ ਦੇ ਚਲਾਨ ਕੀਤੇ ਗਏ ਜਿਨ੍ਹਾਂ ਵਿੱਚ ਸਕੂਲੀ ਬੱਸਾਂ/ਤੂੜੀ ਨਾਲ ਓਵਰਲੋਡ ਟਰਾਲੀਆਂ ਅਤੇ ਕਮਰਸ਼ੀਅਲ ਬੱਸਾਂ ਸ਼ਾਮਿਲ ਹਨ। ਇਸ ਕਾਰਵਾਈ ਦੌਰਾਨ ਵਾਹਨ ਚਾਲਕਾਂ ਨੂੰ ਕੁੱਲ 2 ਲੱਖ 60 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ।
ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਟੈਕਸ ਅਦਾਇਗੀ, ਡਰਾਈਵਿੰਗ ਲਾਇਸੈਂਸ, ਓਵਰਲੋਡਿੰਗ ਅਤੇ ਹੋਰ ਲਾਜ਼ਮੀ ਨਿਯਮਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਉਨ੍ਹਾਂ ਖ਼ਿਲਾਫ਼ ਮੋਟਰ ਵਹੀਕਲ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਅਤੇ ਆਮ ਯਾਤਰੀਆਂ ਦੀ ਸੁਰੱਖਿਆ ਵਿਭਾਗ ਦੀ ਪਹਿਲੀ ਤਰਜੀਹ ਹੈ। ਇਸ ਲਈ ਓਵਰਲੋਡਿੰਗ, ਬਿਨਾਂ ਪਰਮਿਟ, ਬਿਨਾਂ ਫਿਟਨੈੱਸ ਸਰਟੀਫਿਕੇਟ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਨੂੰ ਅਪਡੇਟ ਰੱਖਣ ਅਤੇ ਟਰੈਫਿਕ ਅਤੇ ਟਰਾਂਸਪੋਰਟ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।






