ਹਰਿਆਣਾ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ, ਲੂ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਅਤੇ ਹਵਾਵਾਂ ਦੀ ਦਿਸ਼ਾ ਵਿੱਚ ਤਬਦੀਲੀ ਕਾਰਨ ਸੂਬੇ ਦੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਕਈ ਇਲਾਕਿਆਂ ਵਿੱਚ ਮੀਂਹ ਦੀਆਂ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਨੇ 13 ਜੂਨ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ-ਚਮਕ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 24 ਤੋਂ 48 ਘੰਟਿਆਂ ਦੌਰਾਨ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਪ੍ਰੀ-ਮਾਨਸੂਨ ਸਰਗਰਮੀ ਕਾਰਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਅੰਬਾਲਾ, ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਰੋਹਤਕ, ਸੋਨੀਪਤ, ਪਾਣੀਪਤ ਅਤੇ ਗੁਰੂਗ੍ਰਾਮ ਵਰਗੇ ਉੱਤਰੀ ਅਤੇ ਮੱਧ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਇਸ ਬਦਲਦੇ ਮੌਸਮ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਹਿਸਾਰ, ਸਿਰਸਾ ਅਤੇ ਭਿਵਾਨੀ ਵਰਗੇ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ ਖਿੰਡੇ-ਪੁੰਡੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖੁੱਲ੍ਹੇ ਮੈਦਾਨਾਂ, ਦਰੱਖਤਾਂ ਹੇਠਾਂ ਅਤੇ ਬਿਜਲੀ ਦੇ ਖੰਭਿਆਂ ਕੋਲ ਖੜ੍ਹਨ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।



