ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਨਗਰ ਨਿਗਮ ਪਟਿਆਲਾ ਵਿਖੇ ਪਟਿਆਲਾ ਦਿਹਾਤੀ ਖੇਤਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਰਜਿਸਟ੍ਰੇਸ਼ਨ ਕਾਰਡਾਂ ਸਬੰਧੀ ਵੀ ਐਲ ਈਜ਼ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਯੋਜਨਾ ਦੀ ਤਰੱਕੀ, ਰਜਿਸਟ੍ਰੇਸ਼ਨ ਦੀ ਗਤੀ ਅਤੇ ਹੱਕਦਾਰ ਪਰਿਵਾਰਾਂ ਤੱਕ ਕਾਰਡ ਪਹੁੰਚਾਉਣ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਵੀ ਐਲ ਈ ਓਪਰੇਟਰਾਂ ਅਤੇ ਵਲੰਟੀਅਰਾਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਾਰਡ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਗੁਣਵੱਤਾ ਯੁਕਤ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਲਈ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਸੁਧਾਰ ਅਤੇ ਵਿਸਥਾਰ ਲਈ ਕਟਿਬੱਧ ਹੈ। ਸਿਹਤ ਮੰਤਰੀ ਨੇ ਅਧਿਕਾਰੀਆਂ ਅਤੇ ਵੀ ਐਲ ਈਜ਼ ਨੂੰ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਹਰ ਹੱਕਦਾਰ ਪਰਿਵਾਰ ਤੱਕ ਇਹ ਕਾਰਡ ਸਮੇਂ ਸਿਰ ਪਹੁੰਚ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ ਨਾਲ ਹੀ ਲੋਕ-ਹਿਤੈਸ਼ੀ ਯੋਜਨਾਵਾਂ ਦੀ ਸਫਲਤਾ ਯਕੀਨੀ ਬਣਾਈ ਜਾ ਸਕਦੀ ਹੈ।
ਡਾ. ਬਲਬੀਰ ਸਿੰਘ ਨੇ ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਵਾਰਣ ਕਰਨ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਸੱਚੇ ਅਰਥਾਂ ਵਿੱਚ ਲੋਕ-ਕੇਂਦਰਿਤ ਨੀਤੀਆਂ ਰਾਹੀਂ ਕੰਮ ਕਰ ਰਹੀ ਹੈ ਅਤੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੀ ਐਲ ਈ ਓਪਰੇਟਰਾਂ ਨੂੰ ਨੌਕਰੀ ਦੇਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਯੋਗ ਮਾਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਰਾਹੀਂ ਹਜ਼ਾਰਾਂ ਪਰਿਵਾਰ ਪਹਿਲਾਂ ਹੀ ਲਾਭਾਨਵਿਤ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਹੋਰ ਵਿਸਥਾਰਿਤ ਕੀਤਾ ਜਾਵੇਗਾ।
ਅੰਤ ਵਿੱਚ ਸਿਹਤ ਮੰਤਰੀ ਨੇ ਸਾਰੇ ਅਧਿਕਾਰੀਆਂ, ਵੀ ਐਲ ਈ ਓਪਰੇਟਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੀ ਐਲ ਈ ਓਪਰੇਟਰ ਅਤੇ ਵਲੰਟੀਅਰ ਮੌਜੂਦ ਸਨ।







