Home Punjab Mansa ਨੈਸ਼ਨਲ ਹਾਈਵੇਅ ਅਤੇ ਹੋਰ ਕਾਰਜਕਾਰੀ ਏਜੰਸੀਆਂ ਨੂੰ ‘ਬਲੈਕ ਸਪੋਟਸ’ ਤੁਰੰਤ ਦਰੁਸਤ ਕਰਨ...

ਨੈਸ਼ਨਲ ਹਾਈਵੇਅ ਅਤੇ ਹੋਰ ਕਾਰਜਕਾਰੀ ਏਜੰਸੀਆਂ ਨੂੰ ‘ਬਲੈਕ ਸਪੋਟਸ’ ਤੁਰੰਤ ਦਰੁਸਤ ਕਰਨ ਦੀ ਹਦਾਇਤ

0
31

ਮਾਨਸਾ, 30 ਅਪ੍ਰੈਲ:

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ
ਸੜਕੀ ਹਾਦਸੇ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਅਧਿਕਾਰੀਆਂ ਨੂੰ ਹਰ ਹਫ਼ਤੇ ਪੇਸ਼ ਕਰਨੀ ਹੋਵੇਗੀ ‘ਐਕਸ਼ਨ ਟੇਕਨ ਰਿਪੋਰਟ’

ਜ਼ਿਲ੍ਹੇ ਵਿੱਚ ਸੜਕੀ ਦੁਰਘਟਨਾਵਾਂ ਨੂੰ ਨੱਥ ਪਾਉਣ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਤਕ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਮਸਲਿਆਂ ਦੀ ਨਿਰੰਤਰ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੀਤੇ ਗਏ ਕੰਮਾਂ ਦੀ ਪ੍ਰਗਤੀ ਜਾਣਨ ਲਈ ਹਰ ਹਫ਼ਤੇ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕੀਤੀ ਜਾਵੇ ਤਾਂ ਜੋ ਜ਼ਮੀਨੀ ਪੱਧਰ ‘ਤੇ ਸੁਧਾਰ ਨਜ਼ਰ ਆ ਸਕੇ।

ਸੜਕ ਦੁਰਘਟਨਾਵਾਂ ਦੇ ਮੁੱਖ ਕਾਰਨਾਂ ‘ਤੇ ਚਰਚਾ ਕਰਦਿਆਂ ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਹੋਰ ਸਰਕਾਰੀ ਕਾਰਜਕਾਰੀ ਏਜੰਸੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹੇ ਦੀਆਂ ਸੜਕਾਂ ‘ਤੇ ਚਿੰਨ੍ਹਿਤ ਕੀਤੇ ਗਏ ਬਲੈਕ ਸਪੋਟਸ (ਹਾਦਸਿਆਂ ਵਾਲੀਆਂ ਥਾਵਾਂ) ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਇਸ ਦੌਰਾਨ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਕੋਲੋਂ ਮਾਨਸਾ ਕੈਂਚੀਆਂ ਤੋਂ ਰਾਮਦਿੱਤਾ ਚੌਕ ਅਤੇ ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦੇ ਕੰਮ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਦਾਇਤ ਕਰਦਿਆਂ ਕਿਹਾ ਕਿ
ਪ੍ਰਮੁੱਖ ਸੜਕਾਂ ‘ਤੇ ਗਤੀ ਸੀਮਾ ਦੇ ਬੋਰਡ ਲਗਾਏ ਜਾਣ ਅਤੇ ਜ਼ਿਲ੍ਹੇ ਵਿੱਚ
ਲੋੜੀਂਦੀਆਂ ਥਾਵਾਂ ‘ਤੇ ਸਪੀਡ ਬਰੇਕਰ, ਸੰਕੇਤ ਚਿੰਨ੍ਹ, ਰੈਂਪ, ਟਰੈਫਿਕ ਲਾਈਟਾਂ ਅਤੇ ਬਲਿੰਕਰਾਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ।

ਟ੍ਰੈਫਿਕ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤੀ ਵਰਤੀ ਜਾਵੇ ਅਤੇ ਚਲਾਨ ਕੱਟਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਵਿੱਚ ਕਾਨੂੰਨ ਪ੍ਰਤੀ ਸਤਿਕਾਰ ਅਤੇ ਡਰ ਬਣਿਆ ਰਹੇ।

ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਆਰ.ਟੀ.ਓ – ਕਮ – ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਇੰਚਾਰਜ ਟ੍ਰੈਫਿਕ ਪੁਲਿਸ ਭਗਵੰਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਮੂਸਾ, ਰਜਿੰਦਰ ਗਰਗ ਅਤੇ ਸੂਰਜ ਛਾਬੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here