ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਏ ਜਾ ਰਹੇ ਕੌਮੀ ਤਿਉਹਾਰ ‘ਹੋਲਾ ਮਹੱਲਾ’ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਰੂਪਨਗਰ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕਾਂ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ 2 ਤੋਂ 4 ਮਾਰਚ ਤੱਕ ਤਿੰਨ ਦਿਨਾਂ ਲਈ ਬੰਦ ਰਹਿਣਗੇ।
ਦੱਸਣਯੋਗ ਹੈ ਕਿ ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਪਹੁੰਚਦੇ ਹਨ, ਜਿਸ ਕਾਰਨ ਇਲਾਕੇ ਵਿੱਚ ਭਾਰੀ ਭੀੜ ਰਹਿੰਦੀ ਹੈ। ਇਸ ਭੀੜ ਦੇ ਚਲਦਿਆਂ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ।
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਉਹਨਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗੀ ਜਿੱਥੇ 2 ਤੋਂ 4 ਮਾਰਚ ਤੱਕ ਬੋਰਡ ਪ੍ਰੀਖਿਆਵਾਂ ਹੋਣੀਆਂ ਹਨ।
ਇਸ ਫੈਸਲੇ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧਕੀ ਸੌਖਾਪਣ ਬਣਾਇਆ ਜਾਵੇਗਾ।






