ਖੰਨਾ, 6 ਨਵੰਬਰ:
ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਖੰਨਾ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਖੰਨਾ ਪੁਲਿਸ ਪੂਰੀ ਤਰ੍ਹਾਂ ਹਾਈ ਅਲਰਟ ‘ਤੇ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਤਿਉਹਾਰ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਅਚਨਚੇਤ ਚੈਕਿੰਗ, ਤੀਬਰ ਗਸ਼ਤ ਅਤੇ ਪੈਦਲ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਵਿਅਸਤ ਬਾਜ਼ਾਰਾਂ, ਜਨਤਕ ਥਾਵਾਂ, ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਚੌਕਾਂ, ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਡਰ ਜਾਂ ਚਿੰਤਾ ਦੇ ਦੀਵਾਲੀ ਦਾ ਤਿਉਹਾਰ ਮਨਾ ਸਕਣ।
ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵਿੱਚ ਪੁਲਿਸ ਦਾ ਸਹਿਯੋਗ ਕਰਨ।
ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਸਾਰਿਆਂ ਲਈ ਸੁਰੱਖਿਅਤ, ਸ਼ਾਂਤੀਪੂਰਨ ਅਤੇ ਖੁਸ਼ੀਆਂ ਭਰਿਆ ਦੀਵਾਲੀ ਦਾ ਤਿਉਹਾਰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।



