HomePunjabMalerkotlaਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ –...

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ – ਵਿਰਾਜ ਐਸ. ਤਿੜਕੇ

* ਨਾਗਰਿਕ 16 ਤੋਂ 30 ਨਵੰਬਰ ਤੱਕ ਆਨਲਾਈਨ ਪੋਰਟਲ ਰਾਹੀਂ ਖੁਦ ਦਰਜ ਕਰ ਸਕਣਗੇ ਆਪਣੇ ਪਰਿਵਾਰ ਸਬੰਧੀ ਵੇਰਵੇ

ਮਾਲੇਰਕੋਟਲਾ: ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕ se.census.gov.in ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਵੇਰਵੇ ਸਹੀ ਤੇ ਮੁਕੰਮਲ ਦਰਜ ਕਰਨ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਗਣਨਾ ਕਰਨਗੇ। ਇਸ ਦੌਰਾਨ ਉਹ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਤਰ ਕਰਨਗੇ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਤੋਂ ਸਵੈ-ਗਣਨਾ ਦੀ ਆਈ.ਡੀ. ਲੈ ਕੇ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਤਾਂ ਘਰ-ਘਰ ਗਿਣਤੀ ਦੌਰਾਨ ਵੀ ਮੁਹੱਈਆ ਕਰਵਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜਿਹੜੇ ਨਾਗਰਿਕ ਕਿਸੇ ਕਾਰਨ ਕਰਕੇ ਆਨਲਾਈਨ ਸਵੈ-ਗਣਨਾ ਨਹੀਂ ਕਰ ਸਕਦੇ, ਉਹ ਘਰ ਪਹੁੰਚਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਹੁੰਦੇ ਹਨ, ਇਸ ਲਈ ਹਰ ਨਾਗਰਿਕ ਇਸ ਕੌਮੀ ਕਾਰਜ ਵਿੱਚ ਆਪਣਾ ਯੋਗਦਾਨ ਪਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments