Saturday, September 12, 2026
Home Punjab ਅਮਰੀਕੀ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ SGPC ਪ੍ਰਧਾਨ ਧਾਮੀ...

ਅਮਰੀਕੀ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ SGPC ਪ੍ਰਧਾਨ ਧਾਮੀ ਦਾ ਇਤਰਾਜ਼

0
4

ਅੰਮ੍ਰਿਤਸਰ: ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ (ਪਹਿਲਾਂ ਟਵਿੱਟਰ) ’ਤੇ ਸਾਂਝੇ ਕੀਤੇ ਗਏ ਇੱਕ ਪੋਸਟਰ ਵਿੱਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਐਡਵੋਕੇਟ ਧਾਮੀ ਨੇ ਇਸ ਸਬੰਧੀ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਪੱਧਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ।

ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕਿੰਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਭਾਈਚਾਰਾ ਆਪਣੀ ਮਿਹਨਤ ਨਾਲ ਅੱਗੇ ਵਧ ਰਿਹਾ ਹੈ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਪੋਸਟਰ ਵਿੱਚ ‘ਮਿਸਟਰ ਸਿੰਘ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਵਿਕਸਤ ਦੇਸ਼ ਵਿੱਚ ਅਜਿਹੀ ਸੋਚ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।

SGPC ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਣਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਮੇਲ ਨਹੀਂ ਖਾਂਦੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੁਨੀਆ ਭਰ ਵਿੱਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਇੱਕ ਵਿਅਕਤੀ ਨਾਲ ਜੁੜੇ ਵਾਹਨ ਚਲਾਉਣ ਦੇ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਅਨਿਆਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਬਣ ਸਕਦਾ ਹੈ।

ਐਡਵੋਕੇਟ ਧਾਮੀ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਸਮਾਜ ਪ੍ਰਤੀ ਨਫ਼ਰਤੀ ਜਾਂ ਪੱਖਪਾਤੀ ਵਰਤਾਰੇ ਨਾਲ ਸਬੰਧਤ ਇਸ ਮਾਮਲੇ ਨੂੰ ਅਮਰੀਕਾ ਸਰਕਾਰ ਕੋਲ ਗੰਭੀਰਤਾ ਨਾਲ ਉਠਾਉਣ।

 

LEAVE A REPLY

Please enter your comment!
Please enter your name here