ਪਟਿਆਲਾ: ਸ਼ਹਿਰ ਦੀ ਜੈ ਜਵਾਨ ਕਲੋਨੀ ਵਿੱਚ ਬੀਤੀ ਰਾਤ ਇੱਕ ਘਰ ’ਤੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਾਲੋਨੀ ਵਾਸੀ ਤਰਸੇਮ ਸਿੰਘ ਦੇ ਘਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ।
ਘਟਨਾ ਤੋਂ ਬਾਅਦ ਤਰਸੇਮ ਸਿੰਘ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੇ ਏ.ਐਸ.ਆਈ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਤਰਸੇਮ ਸਿੰਘ ਨੇ ਪੁਲਿਸ ਨੂੰ ਘਰ ’ਤੇ ਲੱਗੇ ਗੋਲੀਆਂ ਦੇ ਨਿਸ਼ਾਨ ਅਤੇ ਮੌਕੇ ਤੋਂ ਮਿਲੇ ਗੋਲੀਆਂ ਦੇ ਖੋਲ ਸੌਂਪ ਦਿੱਤੇ।
ਪੁਲਿਸ ਨੇ ਰਾਤ ਨੂੰ ਹੀ ਆਸ-ਪਾਸ ਦੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਰਿਕਾਰਡਿੰਗ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਸਬੰਧੀ ਕੋਈ ਨਤੀਜਾ ਕੱਢਣਾ ਜਲਦਬਾਜ਼ੀ ਹੋਵੇਗੀ। ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ CCTV ਫੁਟੇਜ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਗੋਲੀਬਾਰੀ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।






