· ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਬੀ.ਐਲ.ਓਜ਼ ਨਾਲ ਸੰਪਰਕ ਕਰਕੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਕੀਤੀ ਅਪੀਲ
· ਜ਼ਿਲ੍ਹੇ ਵਿੱਚ 3,25,433 ਐਨਿਊਮਰੇਸ਼ਨ ਫਾਰਮ ਵੰਡੇ ਗਏ, ਹੁਣ ਤੱਕ 1,85,194 ਫਾਰਮਾਂ ਦੀ ਡਿਜੀਟਾਈਜ਼ੇਸ਼ਨ ਸੰਪੂਰਨ
· 13 ਜੁਲਾਈ ਦੇ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਡਿਪਟੀ ਕਮਿਸ਼ਨਰ ਵੱਲੋਂ ਅਪੀਲ
ਮਾਲੇਰਕੋਟਲਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ‘ਤੇ ਆਯੋਜਿਤ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਯੋਗ ਵੋਟਰ ਆਪਣੇ-ਆਪਣੇ ਬੂਥਾਂ ‘ਤੇ ਪਹੁੰਚੇ ਅਤੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਦੀ ਸਹਾਇਤਾ ਨਾਲ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਵੀ ਮੌਕੇ ‘ਤੇ ਹੀ ਕਰਵਾਈ। ਇਸ ਦੌਰਾਨ ਬੀ.ਐਲ.ਓਜ਼. ਵੱਲੋਂ ਵੋਟਰਾਂ ਨੂੰ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਪ੍ਰਕਿਰਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 3,25,433 ਐਨਿਊਮਰੇਸ਼ਨ ਫਾਰਮ ਘਰ-ਘਰ ਜਾ ਕੇ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ 10 ਜੁਲਾਈ ਦੀ ਦੇਰ ਸ਼ਾਮ ਤੱਕ 1,71,061 ਫਾਰਮਾਂ ਦੀ ਡਿਜੀਟਾਈਜ਼ੇਸ਼ਨ ਹੋ ਚੁੱਕੀ ਸੀ, ਜਦਕਿ ਅੱਜ ਦੇ ਵਿਸ਼ੇਸ਼ ਕੈਂਪਾਂ ਦੌਰਾਨ ਹੋਰ 8718 ਫਾਰਮ ਪ੍ਰਾਪਤ ਕਰਕੇ ਡਿਜੀਟਾਈਜ਼ ਕੀਤੇ ਗਏ। ਇਸ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ 1,85,194 ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਸਫ਼ਲਤਾਪੂਰਵਕ ਮੁਕੰਮਲ ਹੋ ਚੁੱਕੀ ਹੈ, ਜੋ ਕੁੱਲ ਕਾਰਜ ਦਾ 57 ਫ਼ੀਸਦੀ ਤੋਂ ਵੱਧ ਬਣਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਦੀ ਸਾਰਥਕ ਮਿਹਨਤ,ਲਗਨ ਅਤੇ ਜਿੰਮੇਵਾਰੀ ਦੀ ਭਾਵਨਾਂ ਸਦਕਾ 11 ਪੋਲਿੰਗ ਸਟੇਸ਼ਨਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਵਿੱਚ 91,537 ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਵਿੱਚ 93,657 ਐਨਿਊਮਰੇਸ਼ਨ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਚੋਣ ਅਮਲੇ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬਾਕੀ ਰਹਿੰਦਾ ਕਾਰਜ ਵੀ ਨਿਰਧਾਰਤ ਸਮਾਂ-ਸੀਮਾ ਅੰਦਰ ਸੰਪੂਰਨ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ, ਭਰੋਸੇਯੋਗ ਅਤੇ ਅੱਪਡੇਟ ਬਣਾਉਣਾ ਹੈ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਸਹੀ ਢੰਗ ਨਾਲ ਵੋਟਰ ਸੂਚੀ ਵਿੱਚ ਦਰਜ ਹੋਵੇ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਤੁਰੰਤ ਆਪਣੇ-ਆਪਣੇ ਬੀ.ਐਲ.ਓਜ਼. ਨਾਲ ਸੰਪਰਕ ਕਰਕੇ ਇਹ ਪ੍ਰਕਿਰਿਆ ਮੁਕੰਮਲ ਕਰਵਾਉਣ।
ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਘਰ-ਘਰ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.), ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰੀ ਮੁਹਿੰਮ ਵਿੱਚ ਸਰਗਰਮ ਭਾਈਵਾਲ ਬਣਨ, ਵੋਟਰਾਂ ਨੂੰ ਜਾਗਰੂਕ ਕਰਨ ਅਤੇ ਐਨਿਊਮਰੇਸ਼ਨ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸ਼ੁੱਧ ਅਤੇ ਭਰੋਸੇਯੋਗ ਵੋਟਰ ਸੂਚੀਆਂ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ ਅਤੇ ਇਸ ਕਾਰਜ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ।







