ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਨੂੰ 50 ਕੁਇੰਟਲ ਤੋਂ ਵੱਧ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ।
ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। ਫੁੱਲਾਂ ਦੀ ਖੁਸ਼ਬੋ ਅਤੇ ਇਲਾਹੀ ਬਾਣੀ ਦੇ ਰਸ ਨਾਲ ਪੂਰਾ ਮਾਹੌਲ ਅਧਿਆਤਮਿਕ ਰੰਗ ਵਿੱਚ ਰੰਗਿਆ ਹੋਇਆ ਹੈ।
ਸੰਗਤਾਂ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈਸਵੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸੀ। ਇਸ ਮੌਕੇ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਨਿਯੁਕਤ ਕੀਤਾ ਗਿਆ, ਜਿਨ੍ਹਾਂ ਨੇ ਪਹਿਲਾ ਪਾਵਨ ਹੁਕਮਨਾਮਾ ਲੈ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਸੰਗਤਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾ ਗੱਦੀ ਸੌਂਪੇ ਜਾਣ ਤੋਂ ਬਾਅਦ ਸਿੱਖਾਂ ਲਈ ਗੁਰੂ ਗ੍ਰੰਥ ਸਾਹਿਬ ਜੀ ਹੀ ਸਦੀਵੀ ਗੁਰੂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਆਪਣਾ ਸੀਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅੱਗੇ ਹੀ ਝੁਕਾਉਣਾ ਚਾਹੀਦਾ ਹੈ।






