Wednesday, August 12, 2026
Home Punjab ਅਣਅਧਿਕਾਰਤ ਤੌਰ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾ ਪ੍ਰਕਾਸ਼ਿਤ ਕਰਨ...

ਅਣਅਧਿਕਾਰਤ ਤੌਰ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾ ਪ੍ਰਕਾਸ਼ਿਤ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

0
1

ਅੰਮ੍ਰਿਤਸਰ : ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਮਰੀਕਾ ਵਿਚ ਵਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਭਵਿੱਖ ਦੀਆਂ ਤਰਜੀਹਾਂ ਬਾਰੇ ਚਰਚਾ ਹੋਈ।

ਮੁਲਾਕਾਤ ਦੌਰਾਨ ਵਿਦੇਸ਼ਾਂ ਤੋਂ ਅਣਅਧਿਕਾਰਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਕਾਸ਼ਿਤ ਕਰਕੇ ਸੰਗਤ ਨੂੰ ਵੇਚਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਮਰਿਆਦਾ ਦੀ ਉਲੰਘਣਾ, ਸਿੱਖਾਂ ਵਿਚਾਲੇ ਬੇਲੋੜੇ ਵਿਵਾਦ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਂ ਗੁਮਰਾਹਕੁੰਨ ਜਾਣਕਾਰੀ ਭੇਜਣ ਵਰਗੇ ਮਾਮਲਿਆਂ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਕੇਂਦਰਤ ਤੇ ਸਮਰਪਿਤ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਹਿਲਾਂ ਵੀ ਕੁਝ ਵਿਅਕਤੀਆਂ ਵੱਲੋਂ ਚੀਨ ਅਤੇ ਵਿਦੇਸ਼ਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਅਣਅਧਿਕਾਰਤ ਤੌਰ ’ਤੇ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਯੂਐੱਸਏ ਅਤੇ ਯੂਕੇ ਵਿਚ ਕੁਝ ਵਿਅਕਤੀਆਂ ਵੱਲੋਂ ਮੁੜ ਅਜਿਹਾ ਕੀਤੇ ਜਾਣ ਦੀ ਜਾਣਕਾਰੀ ਮਿਲ ਰਹੀ ਹੈ ਅਤੇ ਇਸ ਮਾਮਲੇ ’ਤੇ ਵੀ ਸਖ਼ਤ ਨੋਟਿਸ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧ ਮਰਿਆਦਾ ਅਨੁਸਾਰ ਚਲਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋੜੀਂਦੇ ਸਖ਼ਤ ਫ਼ੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਣਕਾਰੀ ਭੇਜਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਭਾਈ ਸਵਿੰਦਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here