Monday, September 21, 2026
Home Punjab Malerkotla ਕਣਕ ਦੀ ਨਾੜ ਨੂੰ ਅੱਗ ਲਗਾਉਣ ‘ਤੇ ਸਖ਼ਤ ਰੋਕ, ਡੀ.ਸੀ. ਤੇ ਐਸ.ਐਸ.ਪੀ...

ਕਣਕ ਦੀ ਨਾੜ ਨੂੰ ਅੱਗ ਲਗਾਉਣ ‘ਤੇ ਸਖ਼ਤ ਰੋਕ, ਡੀ.ਸੀ. ਤੇ ਐਸ.ਐਸ.ਪੀ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ

0
30

ਮਾਲੇਰਕੋਟਲਾ :

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜ਼ਿਲ੍ਹੇ ਲਈ ਇਸ ਵਾਰ “ਜ਼ੀਰੋ ਸਟੱਬਲ ਬਰਨਿੰਗ” ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਜਿਕਰਯੌਗ ਹੈ ਕਿ ਜ਼ਿਲ੍ਹੇ ਵਿੱਚ ਕਣਕ ਦੀ ਨਾੜ/ਫਸ਼ਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪਹਿਲਾ ਹੀ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ 01 ਅਪ੍ਰੈਲ 2026 ਤੋਂ ਹੁਣ ਤੱਕ ਸੈਟਲਾਈਟ ਰਾਹੀਂ 33 ਅੱਗ ਲਗਾਉਣ ਦੀਆਂ ਘਟਨਾਵਾਂ ਦਰਜ ਹੋਈਆਂ ਹਨ, ਜਿਨ੍ਹਾਂ ਵਿੱਚੋਂ 26 ਸਥਾਨ ਤੇ ਵਿਜਟ ਉਪਰੰਤ 14 ਸਥਾਨਾਂ ਤੇ ਅੱਗ ਲੱਗਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਐਨ.ਜੀ.ਟੀ. ਦੇ ਨਿਯਮਾਂ ਅਨੁਸਾਰ 14 ਕਿਸਾਨਾਂ ਦੇ ਚਲਾਨ ਕਰਕੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਵੀ ਕੀਤੀ ਗਈ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਕਲੱਸਟਰਾਂ ਵਿੱਚ ਨਿਯਮਿਤ ਦੌਰੇ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਪਿੰਡ ਪੱਧਰ ‘ਤੇ ਨੁੱਕੜ ਮੀਟਿੰਗਾਂ, ਸਿਖਲਾਈ ਕੈਂਪਾਂ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਸਚੇਤ ਕੀਤਾ ਜਾਵੇ। ਖੇਤੀਬਾੜੀ ਵਿਭਾਗ ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ ਜਾਵੇ।
ਡੀ.ਸੀ. ਅਤੇ ਐਸ.ਐਸ.ਪੀ. ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੁੰਦੇ ਹਨ ਅਤੇ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹਵਾ ਪ੍ਰਦੂਸ਼ਿਤ ਹੋਣ ਕਰਕੇ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਥਾਂ ਮਸ਼ੀਨੀ ਤਰੀਕਿਆਂ ਨਾਲ ਖੇਤ ਵਿੱਚ ਹੀ ਮਿਲਾ ਕੇ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ. ਕਨੂ ਗਰਗ, ਐਸ.ਡੀ.ਐਮ. ਹਰਬੰਸ ਸਿੰਘ, ਐਕਸ਼ੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੋਹਿਤ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

LEAVE A REPLY

Please enter your comment!
Please enter your name here