ਮਾਲੇਰਕੋਟਲਾ, 22 ਜੁਲਾਈ:
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀ ਰੋਕਥਾਮ ਲਈ ਜ਼ੀਰੋ ਟੋਲਰੈਂਸ ਨੀਤੀ ਦੇ ਨਿਰਦੇਸ਼, ਪਿੰਡਵਾਰ ਮਸ਼ੀਨਰੀ ਮੈਪਿੰਗ ਕਰਵਾ ਕੇ ਕਿਸਾਨਾਂ ਨੂੰ ਸਮੇਂ ਸਿਰ ਸਹੂਲਤ ਮੁਹੱਈਆ ਕਰਵਾਉਣ ਦੇ ਆਦੇਸ਼
ਨਿੱਜੀ ਬੇਲਰ ਮਾਲਕ ਆਪਣੇ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਪਹਿਲ ਦੇਣ, ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੁਣ ਤੋਂ ਹੀ ਚੌਕਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਖੇਤ ਪੱਧਰ ’ਤੇ ਨਿਗਰਾਨੀ, ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਅਤੇ ਕਿਸਾਨਾਂ ਨਾਲ ਲਗਾਤਾਰ ਤਾਲਮੇਲ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਅਤੇ ਸਹਿਕਾਰਤਾ ਵਿਭਾਗ ਦੇ ਉਪ ਰਜਿਸਟਰਾਰ ਸਮੇਤ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਉਪਲਬਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਪਿੰਡ-ਵਾਰ ਮੈਪਿੰਗ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਉਪਲਬਧ ਨਹੀਂ ਹੈ, ਉੱਥੇ ਤੁਰੰਤ ਮਸ਼ੀਨਰੀ ਪਹੁੰਚਾਈ ਜਾਵੇ ਅਤੇ ਸਹਿਕਾਰੀ ਸਭਾਵਾਂ ਵੱਲੋਂ ਮੰਗੀ ਗਈ ਵਾਧੂ ਮਸ਼ੀਨਰੀ ਦੀ ਉਪਲਬਧਤਾ ਲਈ ਵੀ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨਿੱਜੀ ਬੇਲਰ ਮਾਲਕਾਂ ਅਤੇ ਪਰਾਲੀ ਪ੍ਰਬੰਧਨ ਨਾਲ ਜੁੜੇ ਹੋਰ ਸੇਵਾ ਪ੍ਰਦਾਤਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹੇ ਨਾਲ ਸਬੰਧਤ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਨੂੰ ਪਹਿਲ ਦੇਣ, ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਮੇਂ ਸਿਰ ਸਹੂਲਤ ਮਿਲ ਸਕੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਪਿੰਡ ਤੇ ਕਲਸਟਰ ਪੱਧਰ ’ਤੇ ਨੋਡਲ ਅਫ਼ਸਰਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ, ਕਿਸਾਨ ਜਥੇਬੰਦੀਆਂ, ਕੰਬਾਇਨ ਮੈਨੂਫੈਕਚਰਿੰਗ ਯੂਨਿਟਾਂ, ਬੇਲਰ ਮਾਲਕਾਂ ਅਤੇ ਹੋਰ ਸਬੰਧਤਾਂ ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ ਆਦਿ ਮਸ਼ੀਨਰੀ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਰਾਕੇਸ਼ ਕੁਮਾਰ ਸ਼ਰਮਾਂ, ਜ਼ਿਲਾ ਮਾਲ ਅਫਸਰ ਰਵਜੋਤ ਤਿਵਾੜੀ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਕਰਨਵੀਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ, ਖੇਤੀਬਾੜੀ ਅਫਸਰ ਕੁਲਬੀਰ ਸਿੰਘ, ਡੀ.ਆਰ.ਸੀ.ਐਸ ਵਿਜੇਂਦਰ ਸੰਧੂ, ਸਹਾਇਕ ਇੰਜੀਨੀਅਰ ਸਰਤਾਜ ਸਿੰਘ, ਸਹਾਇਕ ਇੰਜੀਨੀਅਰ ਗੁਰਿੰਦਰ ਸਿੰਘ, ਏ.ਐਫ.ਐਸ.ਓ ਚਰਨਪਾਲ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।






