• ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੀਆਂ 35 ਪੰਚਾਇਤਾਂ ਵੱਲੋਂ ਨਸ਼ਾ ਵੇਚਣ ਅਤੇ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੇ ਮਤੇ; ਨਸ਼ਾ ਮੁਕਤ ਪੰਜਾਬ ਲਈ ਬਣੀ ਮਿਸਾਲ- ਵਿਧਾਇਕ ਮਾਲੇਰਕੋਟਲਾ
* ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਸ਼ਿਆਂ ਦਾ ਖਾਤਮਾ ਕਰਨ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ
ਮਾਲੇਰਕੋਟਲਾ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕੀਤੀ, ਉਨ੍ਹਾਂ ਨਸ਼ਾ ਤਸਕਰੀ ਦੀ ਰੋਕਥਾਮ, ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੰਬੇ ਸਮੇਂ ਤੱਕ ਆਪਣੇ ਕਲਾਤਮਕ ਮਾਧਿਅਮ ਰਾਹੀਂ ਸਮਾਜਿਕ ਬੁਰਾਈਆਂ, ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਪਖੰਡਵਾਦ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਹੈ ਅਤੇ ਹੁਣ ਮੁੱਖ ਮੰਤਰੀ ਵਜੋਂ ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਦਿਨ-ਰਾਤ ਯਤਨਸ਼ੀਲ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਸ਼ਿਆਂ ਦਾ ਖਾਤਮਾ ਕਰਨ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ, ਓ.ਓ.ਏ.ਟੀ. ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਾ. ਜਮੀਲ ਉਰ ਰਹਿਮਾਨ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੀਆਂ 35 ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਵਿੱਚ ਨਸ਼ਾ ਕਰਨ ਅਤੇ ਵੇਚਣ ਵਾਲੇ ਦਾ ਸਾਥ ਨਾ ਦੇਣ ਦੇ ਮਤੇ ਪਾਸ ਕਰਨਾ ਪੂਰੇ ਪੰਜਾਬ ਲਈ ਇੱਕ ਮਿਸਾਲ ਬਣਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਚਾਇਤਾਂ, ਸਥਾਨਕ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ।
ਡੀ.ਐਸ.ਪੀ. ਮਾਲੇਰਕੋਟਲਾ ਮਾਨਵਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਨਸ਼ਾ ਗਤੀਵਿਧੀ ਦੀ ਜਾਣਕਾਰੀ ਤੁਰੰਤ ਹੈਲਪਲਾਈਨ 97791-00200 ’ਤੇ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦੀ ਸਾਂਝੀ ਭਾਗੀਦਾਰੀ ਨਾਲ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ, ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ, ਬਲਾਕ ਕੁਆਰਡੀਨੇਟਰ ਮੁਹੰਮਦ ਅਨਵਰ, ਪ੍ਰਧਾਨ ਟਰੱਕ ਯੂਨੀਅਨ ਸੰਦੌੜ ਚਰਨਜੀਤ ਸਿੰਘ ਚੀਮਾਂ, ਪ੍ਰਧਾਨ ਟਰੱਕ ਯੂਨੀਅਨ ਮਾਲੇਰਕੋਟਲਾ ਨਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸੈਦਾ ਪਰਵੀਨ, ਫੀਲਡ ਐਗਜ਼ੀਕਿਊਟਿਵ ਸੁਖਵਿੰਦਰ ਸਿੰਘ ਅਤੇ ਵੱਖ-ਵੱਖ ਵਾਰਡਾਂ ਤੇ ਪਿੰਡਾਂ ਦੇ ਪਹਿਰੇਦਾਰ ਹਾਜ਼ਰ ਸਨ। ਸਮਾਗਮ ਦੌਰਾਨ “ਪਿੰਡਾਂ ਦੇ ਪਹਿਰੇਦਾਰਾਂ” ਨੂੰ ਫੋਟੋ ਸਨਾਖਤੀ ਕਾਰਡ ਵੀ ਤਕਸੀਮ ਕੀਤੇ ਗਏ ।









