Home Punjab ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਲਈ ਕੜੇ ਸੁਰੱਖਿਆ ਪ੍ਰਬੰਧ, ਜ਼ਿਲ੍ਹਾ ਸੀਲ...

ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਲਈ ਕੜੇ ਸੁਰੱਖਿਆ ਪ੍ਰਬੰਧ, ਜ਼ਿਲ੍ਹਾ ਸੀਲ ਤੇ ਨੋ-ਫਲਾਈ ਜ਼ੋਨ ਘੋਸ਼ਿਤ

0
2

ਜਲੰਧਰ: ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵਿਆਪਕ ਅਤੇ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਪਹਿਲਾਂ ਹੀ ਜਲੰਧਰ ਦਾ ਦੌਰਾ ਕਰਕੇ ਸੁਰੱਖਿਆ ਇੰਤਜ਼ਾਮਾਂ ਦਾ ਨਿੱਜੀ ਤੌਰ ’ਤੇ ਨਿਰੀਖਣ ਕੀਤਾ ਸੀ।

ਅੱਜ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੇ ਦੋ ਸੀਨੀਅਰ ਸਪੈਸ਼ਲ ਡੀ.ਜੀ.ਪੀ.-ਰੈਂਕ ਦੇ ਅਧਿਕਾਰੀਆਂ ਨੂੰ ਜਲੰਧਰ ਭੇਜਿਆ ਗਿਆ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਫੇਰੀ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ, ਪ੍ਰਧਾਨ ਮੰਤਰੀ ਆਦਮਪੁਰ ਹਵਾਈ ਅੱਡੇ ’ਤੇ ਉਤਰਣਗੇ ਅਤੇ ਉੱਥੋਂ ਹੈਲੀਕਾਪਟਰ ਰਾਹੀਂ ਡੇਰਾ ਸੱਚਖੰਡ ਬੱਲਾਂ ਜਾਣਗੇ। ਡੇਰਾ ਸੱਚਖੰਡ ਬੱਲਾਂ ਵਿਖੇ ਉਹ ਮੌਜੂਦਾ ਸੰਤ ਨਿਰੰਜਨ ਦਾਸ ਜੀ ਮਹਾਰਾਜ ਅਤੇ ਹੋਰ ਸੰਤਾਂ ਨਾਲ ਮੁਲਾਕਾਤ ਕਰਨਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸੁਰੱਖਿਆ ਪ੍ਰਬੰਧ ਪ੍ਰੋਟੋਕੋਲ ਅਨੁਸਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ ਅਤੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਅਧਿਕਾਰੀਆਂ ਨਾਲ ਤਾਲਮੇਲ ਬਣਾਕੇ ਇੰਤਜ਼ਾਮਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਉੱਥੇ ਹੀ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੁਰੱਖਿਆ ਪ੍ਰਬੰਧਾਂ ਵਿੱਚ ਸ਼ਾਮਲ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਮੌਕੇ ’ਤੇ ਪਹੁੰਚ ਕੇ ਨਿੱਜੀ ਤੌਰ ’ਤੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਬਰਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here