Home Punjab Malerkotla ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ:...

ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

0
4

ਅਮਰਗੜ੍ਹ/ਮਾਲੇਰਕੋਟਲਾ, 02 ਅਗਸਤ:

ਬਾਲ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ

ਸੀ.ਡੀ.ਪੀ.ਓ. ਪਵਨ ਕੁਮਾਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸਮਰਪਣ, ਸੰਵੇਦਨਸ਼ੀਲਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦਾ ਸੱਦਾ

ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਯੋਗਤਾ-ਅਧਾਰਿਤ ਅਤੇ ਲੋਕ-ਪੱਖੀ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਦਫ਼ਤਰ ਤਾਰਾ ਇਨਕਲੇਵ ਵਿਖੇ ਕਰਵਾਏ ਗਏ ਸਮਾਗਮ ਦੌਰਾਨ 17 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ 5 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਭਰਤੀਆਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਮੈਰਿਟ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਬਿਨਾਂ ਕਿਸੇ ਭੇਦਭਾਵ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ, ਜੋ ਸਰਕਾਰ ਦੀ ਸਾਫ਼-ਸੁਥਰੀ ਅਤੇ ਜਵਾਬਦੇਹ ਕਾਰਜ-ਪ੍ਰਣਾਲੀ ਦਾ ਪ੍ਰਤੀਕ ਹਨ।

 ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਮਾਜ ਦੇ ਸਭ ਤੋਂ ਮਹੱਤਵਪੂਰਨ ਅਧਾਰਾਂ ਵਿੱਚੋਂ ਇੱਕ ਹਨ, ਜੋ ਬੱਚਿਆਂ ਦੇ ਸਰਵਪੱਖੀ ਵਿਕਾਸ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਸੰਭਾਲ, ਪੋਸ਼ਣ ਅਤੇ ਪ੍ਰੀ-ਸਕੂਲ ਸਿੱਖਿਆ ਵਰਗੀਆਂ ਅਹਿਮ ਸੇਵਾਵਾਂ ਲੋਕਾਂ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਤਾਂ ਜੋ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚ ਸਕੇ।

ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਪਵਨ ਕੁਮਾਰ ਨੇ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਸ਼ੁਰੂਆਤੀ ਸਿੱਖਿਆ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੂਰੀ ਲਗਨ, ਅਨੁਸ਼ਾਸਨ ਅਤੇ ਜਵਾਬਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਮਹਿਲਾ ਤੇ ਬਾਲ ਵਿਕਾਸ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।

ਸਮਾਗਮ ਦੌਰਾਨ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ  ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਲੋਕਾਂ ਦੀ ਭਲਾਈ ਅਤੇ ਵਿਭਾਗੀ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।

LEAVE A REPLY

Please enter your comment!
Please enter your name here