ਜੰਮੂ: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਸੁਰੱਖਿਆ ਬਲਾਂ ਨੂੰ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸੰਬੰਧਿਤ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ।
ਫੌਜ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ, ਸੀ.ਆਈ.ਐਫ. ਡੈਲਟਾ, ਜੰਮੂ-ਕਸ਼ਮੀਰ ਪੁਲਿਸ ਅਤੇ ਸੀ.ਆਰ.ਪੀ.ਐਫ. ਦੀ ਸਾਂਝੀ ਟੀਮ ਨੂੰ ਬਸੰਤਗੜ੍ਹ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਸਬੰਧੀ ਭਰੋਸੇਯੋਗ ਖੁਫ਼ੀਆ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਦੇ ਆਧਾਰ ’ਤੇ ਤੁਰੰਤ ਇਲਾਕੇ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਗਈ।
ਤਲਾਸ਼ੀ ਦੌਰਾਨ ਜਦੋਂ ਸੁਰੱਖਿਆ ਬਲਾਂ ਨੇ ਸ਼ੱਕੀ ਥਾਂ ਨੂੰ ਘੇਰਿਆ, ਤਾਂ ਲੁਕੇ ਹੋਏ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਬਾਅਦ ਦੋਵੇਂ ਧਿਰਾਂ ਵਿਚਕਾਰ ਭਿਆਨਕ ਮੁਕਾਬਲਾ ਹੋਇਆ।
ਸੂਤਰਾਂ ਅਨੁਸਾਰ, ਦੋਵੇਂ ਅੱਤਵਾਦੀ ਇੱਕ ਪਹਾੜੀ ਗੁਫਾ ਵਿੱਚ ਲੁਕੇ ਹੋਏ ਸਨ, ਜਿਸਨੂੰ ਸੁਰੱਖਿਆ ਬਲਾਂ ਨੇ ਚਾਰੇ ਪਾਸਿਆਂ ਤੋਂ ਘੇਰ ਲਿਆ ਸੀ। ਲੰਬੇ ਸਮੇਂ ਤੱਕ ਚੱਲੀ ਸਖ਼ਤ ਕਾਰਵਾਈ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋਵੇਂ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੁਕਾਬਲੇ ਦੌਰਾਨ ਕਿਸੇ ਵੀ ਸੁਰੱਖਿਆ ਕਰਮਚਾਰੀ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ।
ਮੁਕਾਬਲੇ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਲਾਕੇ ਵਿੱਚ ਕੋਈ ਹੋਰ ਅੱਤਵਾਦੀ ਲੁਕਿਆ ਨਾ ਹੋਵੇ। ਸੁਰੱਖਿਆ ਏਜੰਸੀਆਂ ਵੱਲੋਂ ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਅਤੇ ਉਨ੍ਹਾਂ ਦੇ ਨੈੱਟਵਰਕ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਸੁਰੱਖਿਆ ਬਲਾਂ ਨੇ ਦੋਹਰਾਇਆ ਹੈ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੁੱਧ ਮੁਹਿੰਮ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।



