ਲਾਸ ਏਂਜਲਸ (ਕੈਲੀਫੋਰਨੀਆ): ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸਾਂਝੇ ਤੌਰ ’ਤੇ ‘ਆਪਰੇਸ਼ਨ ਹਾਰਡ ਬਾਲ’ (Operation Hard Ball) ਤਹਿਤ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਅਮਰੀਕੀ ਨਿਆਂ ਵਿਭਾਗ ਦੇ ਅਨੁਸਾਰ ਇਸ ਮੁਹਿੰਮ ਦੌਰਾਨ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 37 ਮੁਲਜ਼ਮਾਂ ਵਿਰੁੱਧ ਤਿੰਨ ਵੱਖ-ਵੱਖ ਇਲਜ਼ਾਮਨਾਮੇ ਦਾਇਰ ਕੀਤੇ ਗਏ ਹਨ। ਇਸ ਕਾਰਵਾਈ ਦੌਰਾਨ ਕੈਲੀਫੋਰਨੀਆ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਗਈ।
ਜਾਂਚ ਏਜੰਸੀਆਂ ਮੁਤਾਬਕ ਛਾਪਿਆਂ ਦੌਰਾਨ ਕਰੀਬ 1,000 ਕਿਲੋਗ੍ਰਾਮ ਕੋਕੇਨ, ਲਗਭਗ 1 ਕਿਲੋਗ੍ਰਾਮ ਹੈਰੋਇਨ, ਕਈ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਦਾ ਦੋਸ਼ ਹੈ ਕਿ ਇਹ ਅਪਰਾਧਿਕ ਨੈੱਟਵਰਕ ਨਸ਼ਾ ਤਸਕਰੀ, ਜ਼ਬਰਦਸਤੀ ਵਸੂਲੀ (ਐਕਸਟੋਰਸ਼ਨ), ਨਿਸ਼ਾਨਾ ਬਣਾ ਕੇ ਕੀਤੇ ਹਮਲੇ, ਕਤਲ ਅਤੇ ਹੋਰ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ।
ਅਮਰੀਕੀ ਇਲਜ਼ਾਮਨਾਮਿਆਂ ਵਿੱਚ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਕਰੀਬੀ ਸਾਥੀ ਗੋਲਡੀ ਬਰਾੜ ਦੇ ਨਾਮ ਵੀ ਸ਼ਾਮਲ ਹਨ। ਦੋਵਾਂ ਉੱਤੇ 2023 ਵਿੱਚ ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਸਮੇਤ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਹਾਲਾਂਕਿ, ਅਮਰੀਕੀ ਅਧਿਕਾਰੀਆਂ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਅਤੇ ਉਸ ਨੂੰ ਅਜੇ ਵੀ ਲੋੜੀਂਦੇ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਦੱਸਿਆ ਹੈ।
ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਰਹੱਦਾਂ ਪਾਰ ਫੈਲੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤੋੜਨਾ ਅਤੇ ਉਨ੍ਹਾਂ ਦੇ ਆਰਥਿਕ ਤੇ ਅਪਰਾਧਿਕ ਢਾਂਚੇ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਮਰੀਕਾ, ਕੈਨੇਡਾ ਅਤੇ ਯੂਰਪੀ ਦੇਸ਼ਾਂ ਵਿਚਕਾਰ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਸਾਂਝੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।







