ਹਰਿਆਣਾ: ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਮਹਿਲਾ ਪਹਿਲਵਾਨਾਂ ਅਤੇ ਕੁਸ਼ਤੀ ਜਗਤ ਵਿੱਚ ਇੱਕ ਵਾਰ ਫਿਰ ਇਹ ਮਾਮਲਾ ਗਰਮਾ ਗਿਆ ਹੈ। ਇਸ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਅਪੀਲ ਕਰਨਗੇ ਅਤੇ ਆਪਣੀ ਲੜਾਈ ਜਾਰੀ ਰੱਖਣਗੇ।
ਵਿਨੇਸ਼ ਫੋਗਾਟ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੇ ਕੀਤੇ ਬਿਆਨ ਵਿੱਚ ਕਿਹਾ ਕਿ ਮਹਿਲਾ ਪਹਿਲਵਾਨਾਂ ਨੂੰ ਸੜਕਾਂ ‘ਤੇ ਉਤਰ ਕੇ ਇੱਕ ਪ੍ਰਭਾਵਸ਼ਾਲੀ ਨੇਤਾ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਵੱਡਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਕਈ ਲੜਕੀਆਂ ਨੂੰ ਦਬਾਅ ਪਾ ਕੇ ਆਪਣੇ ਬਿਆਨ ਵਾਪਸ ਲੈਣ ਲਈ ਮਜਬੂਰ ਕੀਤਾ ਗਿਆ, ਪਰ ਕੁਝ ਮਹਿਲਾ ਪਹਿਲਵਾਨ ਅਦਾਲਤ ਵਿੱਚ ਡਟ ਕੇ ਲੜਦੀਆਂ ਰਹੀਆਂ।
ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਦੋਸ਼ਾਂ ਤੋਂ ਬਰੀ ਕੀਤੇ ਜਾਣ ਨਾਲ ਉਨ੍ਹਾਂ ਨੂੰ ਨਿਰਾਸ਼ਾ ਹੋਈ ਹੈ। ਵਿਨੇਸ਼ ਨੇ ਦਾਅਵਾ ਕੀਤਾ ਕਿ ਸ਼ੁਰੂ ਤੋਂ ਹੀ ਪੂਰੀ ਮਸ਼ੀਨਰੀ ਅਤੇ ਸਿਸਟਮ ਬ੍ਰਿਜਭੂਸ਼ਣ ਨੂੰ ਬਚਾਉਣ ਲਈ ਕੰਮ ਕਰਦਾ ਰਿਹਾ। ਉਨ੍ਹਾਂ ਦੱਸਿਆ ਕਿ ਮਹਿਲਾ ਪਹਿਲਵਾਨਾਂ ਨੇ ਆਪਣੇ ਵਕੀਲਾਂ ਨੂੰ ਇਸ ਫ਼ੈਸਲੇ ਖ਼ਿਲਾਫ਼ ਉੱਚ ਅਦਾਲਤ ਵਿੱਚ ਅਪੀਲ ਦਾਇਰ ਕਰਨ ਲਈ ਕਿਹਾ ਹੈ ਅਤੇ ਇਹ ਕਾਰਵਾਈ ਜਲਦ ਕੀਤੀ ਜਾਵੇਗੀ।
ਇਸ ਮਾਮਲੇ ‘ਤੇ ਕਾਂਗਰਸ ਨੇਤਾ ਬ੍ਰਿਜੇਂਦਰ ਸਿੰਘ ਨੇ ਵੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਵੇਂ ਅਦਾਲਤ ਦੇ ਫ਼ੈਸਲੇ ਨਾਲ ਨਿਰਾਸ਼ਾ ਹੋਈ ਹੈ, ਪਰ ਨਿਆਂ ਦੀ ਲੜਾਈ ਅਜੇ ਖ਼ਤਮ ਨਹੀਂ ਹੋਈ। ਉਨ੍ਹਾਂ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੀ ਜਨਤਾ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਮੀਦ ਹੈ ਕਿ ਉੱਚ ਅਦਾਲਤ ਤੋਂ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।






