ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਗਿਆਨੀਆਂ ਅਨੁਸਾਰ ਇੱਕ ਨਵਾਂ ਪੱਛਮੀ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਅਗਲੇ ਕੁਝ ਦਿਨਾਂ ਵਿੱਚ ਮੌਸਮ ਅਸਥਿਰ ਰਹੇਗਾ।
28 ਤੋਂ 31 ਮਾਰਚ ਦੇ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 28 ਮਾਰਚ ਨੂੰ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜਦਕਿ 29 ਅਤੇ 30 ਮਾਰਚ ਨੂੰ ਇਹ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 29 ਤੋਂ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 18 ਤੋਂ 19 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ 26 ਮਾਰਚ ਨੂੰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਅਤੇ ਘੱਟੋ-ਘੱਟ 18.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ 29 ਅਤੇ 30 ਮਾਰਚ ਨੂੰ ਸ਼ਹਿਰ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿੱਚ ਆਈ ਇਸ ਤਬਦੀਲੀ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਤੇਜ਼ ਹਵਾਵਾਂ ਅਤੇ ਸੰਭਾਵਿਤ ਗੜੇਮਾਰੀ ਕਾਰਨ ਪੱਕ ਰਹੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਹੈ, ਜਿਸ ਨਾਲ ਖੇਤੀਬਾੜੀ ‘ਤੇ ਅਸਰ ਪੈ ਸਕਦਾ ਹੈ।






