*ਬਾਜ਼ਾਰਾਂ ਦੀ ਸਫ਼ਾਈ, ਟਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ
*ਪੰਜਾਬ ਟਰੇਡਰਜ਼ ਕਮਿਸ਼ਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕਰ ਰਿਹਾ ਹੈ ਕੰਮ : ਆਜਮ ਦਾਰਾ*
ਮਾਲੇਰਕੋਟਲਾ: ਜ਼ਿਲ੍ਹਾ ਮਾਲੇਰਕੋਟਲਾ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਚੇਅਰਮੈਨ ਇਮਤਿਆਜ਼ ਅਲੀ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਚੇਅਰਮੈਨ ਅਸ਼ਵਨੀ ਕੁਮਾਰ ਅਤੇ ਹੋਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਵੱਲੋਂ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਨਗਰ ਕੌਂਸਲ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਜ਼ਾਰਾਂ ਵਿੱਚ ਸਫ਼ਾਈ, ਬਿਜਲੀ ਦੀਆਂ ਤਾਰਾਂ, ਸਟਰਿਟ ਲਾਈਟਾਂ, ਨਾਲਿਆਂ ਦੀ ਡੀ-ਸਿਲਟਿੰਗ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਮਹਿਲਾਵਾਂ ਲਈ ਵੱਖਰੇ ਪਖਾਨਿਆਂ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਸ਼ਹਿਰ ਦੇ ਟਰੈਫਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਲਈ ਭੀੜ-ਭਾੜ ਵਾਲੇ ਬਾਜ਼ਾਰਾਂ ਵਿੱਚ ਵਨ-ਵੇ ਟਰੈਫਿਕ ਯੋਜਨਾ ਤਿਆਰ ਕਰਕੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਨ੍ਹਾਂ ਦੇ ਜਲਦ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ।
ਮੀਟਿੰਗ ਵਿੱਚ ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ,ਐਸ.ਡੀ.ਐਮ.ਅਮਰਗੜ੍ਹ ਰਾਕੇਸ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਇੰਦਰਪਾਲ ਚੌਹਾਨ, ਡੀ.ਐਸ.ਪੀ. ਸੁਮਿਤ ਸੂਦ, ਡੀ.ਐਸ.ਪੀ. ਮਾਨਵਜੀਤ ਸਿੰਘ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਅਸ਼ੀਸ਼ ਕੁਮਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।









